ਜਲੰਧਰ, 28 ਮਾਰਚ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਕੂਲਾਂ ਵਿੱਚ ਫਲਦਾਰ, ਹਰਬਲ ਅਤੇ ਸਬਜ਼ੀਆਂ ਦੇ ਗਾਰਡਨ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਖਾਣ ਲਈ ਪੌਸ਼ਟਿਕ ਖੁਰਾਕ ਮੁਹੱਈਆ ਹੋ ਸਕੇ।ਇਥੇ ਸਰਕਟ ਹਾਊਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਸਿੱਖਿਆ, ਬਾਗਬਾਨੀ, ਖੇਤੀਬਾੜੀ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਦੇ ਕਿਚਨ ਗਾਰਡਨਾਂ ਵਿੱਚ ਰਸਾਇਣਿਕ ਖਾਦਾਂ ਦੀ ਬਜਾਏ ਜੈਵਿਕ ਖਾਦ ਵਰਤਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੱਚਿਆਂ ਨੂੰ ਗੁਣਵੱਤਾ ਭਰਪੂਰ ਫਲ ਤੇ ਸਬਜ਼ੀਆਂ ਮਿਲ ਸਕਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿੱਡ-ਡੇ ਮੀਲ ਕੁੱਕ ਵਰਕਰਾਂ ਨੂੰ ਸਿਖ਼ਲਾਈ ਦੇਣ ਲਈ ਸਲਾਨਾ ਕੈਲੰਡਰ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਖਾਣੇ ਨਾਲ ਸਬੰਧਤ ਜ਼ਰੂਰੀ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਜਾ ਕੇ ਕਿਚਨ ਗਾਰਡਨ ਸਬੰਧੀ ਸਬੰਧਤਾਂ ਨੂੰ ਲੋੜੀਂਦੀ ਸਿਖ਼ਲਾਈ ਦੇਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਦੇ 1025 ਸਰਕਾਰੀ ਸਕੂਲਾਂ ਵਿੱਚ ਕਿਚਨ ਗਾਰਡਨ ਚੱਲ ਰਹੇ ਹਨ। ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਵਿੱਚ ‘ਮੇਰੀ ਰਸੋਈ’ ਯੋਜਨਾ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਨੀਲਾ ਕਾਰਡ ਧਾਰਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਕਣਕ ਦੇ ਨਾਲ-ਨਾਲ ਤਿਮਾਹੀ ਰਾਸ਼ਨ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਵਿੱਚ ਦੋ ਕਿੱਲੋ ਮਾਹ ਛੋਲਿਆਂ ਦੀ ਦਾਲ, ਦੋ ਕਿਲੋ ਚੀਨੀ, ਇਕ ਕਿਲੋ ਨਮਕ, ਇਕ ਕਿਲੋ ਸਰ੍ਹੋਂ ਦਾ ਤੇਲ ਅਤੇ 200 ਗ੍ਰਾਮ ਹਲਦੀ ਸ਼ਾਮਲ ਹੋਵੇਗੀ। ਇਸ ਮੌਕੇ ਉਨ੍ਹਾਂ ਡਿਪੂਆਂ ਵੱਲੋਂ ਕੀਤੀ ਜਾਂਦੀ ਕਣਕ ਦੀ ਵੰਡ ਦਾ ਵੀ ਜਾਇਜ਼ਾ ਲਿਆ। ਡੀ.ਐਫ.ਐਸ.ਸੀ. ਨਰਿੰਦਰ ਸਿੰਘ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ 2 ਲੱਖ 70 ਹਜ਼ਾਰ ਕਾਰਡ ਧਾਰਕ ਅਤੇ 10 ਲੱਖ 20 ਹਜ਼ਾਰ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਮਾਰਚ 2026 ਦੇ ਸਰਕਲ ਤਹਿਤ 90 ਫੀਸਦੀ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ। ਚੇਅਰਮੈਨ ਨੇ ਮੀਟਿੰਗ ਦੌਰਾਨ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਇਸ ਮੌਕੇ ਮਿਡ-ਡੇ ਮੀਲ ਲਈ ਸਕੂਲਾਂ ਨੂੰ ਸਮੇਂ ਸਿਰ ਕਣਕ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਨਰਿੰਦਰਪਾਲ ਸਿੰਘ ਕਲਸੀ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਡੀ.ਐਮ. ਮਾਰਕਫੈੱਡ ਇੰਦਰਜੀਤ ਸਿੰਘ, ਡੀ.ਐਮ. ਪਨਸਪ ਗੁਰਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮਨੀਸ਼ ਕੁਮਾਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


