ਖੰਨਾ, ਲੁਧਿਆਣਾ, 02 ਜੂਨ: ਖੰਨਾ ਪੁਲਿਸ ਵੱਲੋਂ ਲੋਕਾਂ ਅਤੇ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੀ ਲੜੀ ਤਹਿਤ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕਰਕੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰਾਂ ਨਾਲ ਸਬੰਧਤ ਮੁੱਦੇ, ਸੁਰੱਖਿਆ ਚਿੰਤਾਵਾਂ ਅਤੇ ਹੋਰ ਸਮੱਸਿਆਵਾਂ ਐਸਐਸਪੀ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਡਾ. ਦਰਪਣ ਆਹਲੂਵਾਲੀਆ ਨੇ ਬਹੁਤ ਹੀ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ।ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਅਤੇ ਭਰੋਸੇਯੋਗ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਅਤੇ ਆਰਥਿਕਤਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪੁਲਿਸ ਦੀ ਪਹਿਲਕਦਮੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰਕ ਸੰਗਠਨਾਂ ਵੱਲੋਂ ਉਠਾਏ ਗਏ ਅਸਲ ਮੁੱਦਿਆਂ ਨੂੰ ਤੁਰੰਤ ਵਿਚਾਰ ਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਇਸ ਪਹਿਲ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਨ ਨਾਲ ਨਾ ਸਿਰਫ਼ ਸਮੱਸਿਆਵਾਂ ਦਾ ਹੱਲ ਆਸਾਨ ਹੁੰਦਾ ਹੈ, ਸਗੋਂ ਪੁਲਿਸ ਅਤੇ ਜਨਤਾ ਵਿਚਕਾਰ ਭਰੋਸਾ ਵੀ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾ ਰਹੀ ਹੈ।ਮੀਟਿੰਗ ਦੌਰਾਨ ਕਈ ਵਪਾਰੀਆਂ ਨੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਦੀ ਹੋਰ ਮਜ਼ਬੂਤੀ, ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਆਪਣੇ ਸੁਝਾਅ ਦਿੱਤੇ। ਐਸਐਸਪੀ ਨੇ ਸਾਰੇ ਸੁਝਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਪੁਲਿਸ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਹਮੇਸ਼ਾ ਲੋਕਾਂ ਲਈ ਉਪਲਬਧ ਹੈ ਅਤੇ ਕਿਸੇ ਵੀ ਵਰਗ ਦੀ ਜਾਇਜ਼ ਸਮੱਸਿਆ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ-ਪਬਲਿਕ ਭਾਈਚਾਰਾ ਮਜ਼ਬੂਤ ਹੋਣ ਨਾਲ ਅਪਰਾਧਾਂ ’ਤੇ ਕਾਬੂ ਪਾਉਣ ਅਤੇ ਸਮਾਜ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਵਿੱਚ ਵੱਡੀ ਮਦਦ ਮਿਲਦੀ ਹੈ।ਮੀਟਿੰਗ ਦੇ ਅੰਤ ਵਿੱਚ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਖੰਨਾ ਪੁਲਿਸ ਦੀ ਕਾਰਗੁਜ਼ਾਰੀ ਅਤੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਲੋਕ-ਪੱਖੀ ਸੋਚ ਦੀ ਪ੍ਰਸ਼ੰਸਾ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੰਵਾਦ ਜਾਰੀ ਰਹਿਣਗੇ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਵੀ ਵਪਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਲੋਕਾਂ ਨਾਲ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

Share.

“I’m a Newswriter, “I write about the trending news events happening all over the world.

Leave A Reply