ਖੰਨਾ, ਲੁਧਿਆਣਾ, 6 ਜੂਨ:ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮਜਿਸਟਰੇਟ ਖੰਨਾ ਪਾਇਲ ਗੋਇਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐਸ.ਆਈ.ਆਰ) ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਦੇ ਉਦੇਸ਼ ਨਾਲ 7 ਜੂਨ 2026 (ਐਤਵਾਰ) ਨੂੰ ਸਬ ਡਿਵੀਜ਼ਨ ਖੰਨਾ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਜਾਣਗੇ, ਜਿੱਥੇ ਸਾਰੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿ ਕੇ ਮੌਜੂਦਾ ਵੋਟਰਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮ ਕਰਨਗੇ।ਉਪ ਮੰਡਲ ਮਜਿਸਟਰੇਟ ਖੰਨਾ ਨੇ ਰਾਜਨੀਤਿਕ ਪਾਰਟੀਆਂ ਦੇ‌ ਨੁਮਾਇੰਦਿਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਅਜੇ ਤੱਕ ਨਹੀਂ ਹੋ ਸਕੀ, ਉਨ੍ਹਾਂ ਨੂੰ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਅਧਿਕਾਰੀ ਕੈਂਪ ਦੌਰਾਨ ਆਪਣੇ-ਆਪਣੇ ਖੇਤਰਾਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕਰਨਗੇ ਅਤੇ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਹਾਜ਼ਰੀ ਅਤੇ ਕਾਰਜਪ੍ਰਣਾਲੀ ਦੀ ਨਿਯਮਿਤ ਜਾਂਚ ਯਕੀਨੀ ਬਣਾਉਣ। ਉਨ੍ਹਾਂ ਸਾਰੇ ਵਿਭਾਗ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ 7 ਜੂਨ ਨੂੰ ਵਿਸ਼ੇਸ਼ ਕੈਂਪ ਲਈ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖੀਆਂ ਜਾਣ, ਤਾਂ ਜੋ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਪਾਇਲ ਗੋਇਲ ਨੇ ਸਬ ਡਿਵੀਜ਼ਨ ਖੰਨਾ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਆਪਣੇ ਸਬੰਧਤ ਪੋਲਿੰਗ ਸਟੇਸ਼ਨ ‘ਤੇ ਪਹੁੰਚ ਕੇ ਵੋਟਰ ਸੂਚੀ ਦੀ ਮੈਪਿੰਗ ਕਰਵਾਉਣ।

Share.
Leave A Reply