ਲੁਧਿਆਣਾ, 20 ਜਨਵਰੀ :

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਖੇਡ ਮੈਦਾਨ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਨੂੰ ਮਾਣਮੱਤੇ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ 26 ਜਨਵਰੀ ਨੂੰ ਪੀ.ਏ.ਯੂ ਦੇ ਖੇਡ ਮੈਦਾਨ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ, ਜਿਸ ਲਈ ਸਬੰਧਤ ਵਿਭਾਗ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਮਾਗਮ ਸਥਾਨ ਉੱਤੇ 23 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਇਕ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਪੂਰੇ ਅਨੁਸ਼ਾਸਨ, ਦੇਸ਼ ਭਗਤੀ ਦੀ ਭਾਵਨਾ ਅਤੇ ਉੱਚ ਮਿਆਰਾਂ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਪਰੇਡ ਰਿਹਰਸਲ, ਸੱਭਿਆਚਾਰਕ ਪ੍ਰੋਗਰਾਮ, ਸਟੇਜ ਪ੍ਰਬੰਧ, ਸੱਦੇ ਗਏ ਮਹਿਮਾਨਾਂ ਲਈ ਸਹੂਲਤਾਂ, ਟ੍ਰੈਫਿਕ ਪ੍ਰਬੰਧਨ, ਸਫ਼ਾਈ, ਸਿਹਤ ਸੇਵਾਵਾਂ, ਨਿਰਵਿਘਨ ਬਿਜਲੀ ਸਪਲਾਈ ਅਤੇ ਐਮਰਜੈਂਸੀ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ਦੇ ਨਿਰਦੇਸ਼ ਦਿੱਤੇ, ਜਦੋਂ ਕਿ ਸਿਹਤ ਵਿਭਾਗ ਨੂੰ ਐਂਬੂਲੈਂਸਾਂ ਅਤੇ ਮੈਡੀਕਲ ਸਟਾਫ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ‘ਤੇ ਸਾਫ਼-ਸਫ਼ਾਈ, ਸਜਾਵਟ, ਨਿਰਵਿਘਨ ਬਿਜਲੀ ਅਤੇ ਪਾਣੀ ਦੀ ਸਪਲਾਈ ਅਤੇ ਬੈਠਣ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ।‌ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਆਕਰਸ਼ਕ ਅਤੇ ਦੇਸ਼ ਭਗਤੀ ਨਾਲ ਭਰਪੂਰ ਬਣਾਉਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਜ਼ਿਲ੍ਹਾ ਪ੍ਰਸ਼ਾਸਨ ਦੀ ਤਸਵੀਰ ਨੂੰ ਦਰਸਾਉਂਦਾ ਹੈ, ਇਸ ਲਈ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਵਿਭਾਗ ਮਿਲ ਕੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫਲ ਬਣਾਉਣਗੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਡਾ. ਪੂਨਮਪ੍ਰੀਤ ਕੌਰ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share.

“I’m a Newswriter, “I write about the trending news events happening all over the world.

Leave A Reply