ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗੁਵਾਈ ਹੇਠ ਲਗਭਗ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਤੋਂ ਵੱਧ ਮਾਡਲ ਪਲੇਅ ਗਰਾਊਂਡ ਬਣਨਗੇ

ਪਾਇਲ, ਖੰਨਾ (ਲੁਧਿਆਣਾ), 5 ਮਈ:

ਪਾਇਲ ਵਿਧਾਨ ਸਭਾ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਵੱਡੀ ਪਹਿਲ ਤਹਿਤ 42.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਧੁਨਿਕ ਖੇਡ ਮੈਦਾਨ ਸੋਮਵਾਰ ਸ਼ਾਮ ਨੂੰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਅਤੇ ਪਿੰਡ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਯੂਥ ਕਲੱਬ ਨੂੰ ਖੇਡਾਂ ਦਾ ਸਾਮਾਨ ਦਿੱਤਾ ਗਿਆ। ਲੜਕੀਆਂ ਨੂੰ ਵੀ ਖੇਡਾਂ ਦਾ ਸਾਮਾਨ ਦਿੱਤਾ ਗਿਆ।

ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾ ਕੇ ਖੇਡਾਂ ਨਾਲ ਜੋੜਨਾ ਸਰਕਾਰ ਦੀ ਪਹਿਲ ਹੈ ਅਤੇ ਇਸੇ ਮਕਸਦ ਨਾਲ ਸੂਬੇ ਭਰ ਵਿੱਚ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗੁਵਾਈ ਹੇਠ ਲਗਭਗ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਤੋਂ ਵੱਧ ਮਾਡਲ ਪਲੇਅ ਗਰਾਊਂਡ ਬਣਾਉਣ ਦੀ ਯੋਜਨਾ ’ਤੇ ਕੰਮ ਜਾਰੀ ਹੈ, ਜਿਨ੍ਹਾਂ ਵਿੱਚੋਂ ਕਈ ਮੈਦਾਨ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਆਉਣ ਵਾਲੇ ਸਮੇਂ ਵਿੱਚ ਇਹ ਸਾਰੇ ਮੈਦਾਨ ਪੂਰੇ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਵੱਡਾ ਮੌਕਾ ਮਿਲੇਗਾ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪਿੰਡ ਅਲੂਣਾ ਤੋਲਾ ਵਿੱਚ ਬਣਿਆ ਇਹ ਖੇਡ ਮੈਦਾਨ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਵਿੱਚ ਵਾਲੀਬਾਲ ਗਰਾਊਂਡ, ਵਾਕਿੰਗ ਟ੍ਰੈਕ, ਬੱਚਿਆਂ ਲਈ ਝੂਲੇ ਅਤੇ ਰਾਤ ਸਮੇਂ ਖੇਡਾਂ ਲਈ ਸਟਰੀਟ ਲਾਈਟਾਂ ਵਰਗੀਆਂ ਸਹੂਲਤਾਂ ਸ਼ਾਮਲ ਹਨ, ਜਿਸ ਨਾਲ ਹਰ ਉਮਰ ਦੇ ਲੋਕ ਇੱਥੇ ਆ ਕੇ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੇ ਮੈਦਾਨ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਵਧਾਉਣਗੇ, ਸਗੋਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਵੀ ਮਜ਼ਬੂਤ ਕਰਨਗੇ।

ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਪਿੰਡ ਵਿੱਚ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਸਕਣ। ਖੇਡਾਂ ਦੇ ਪ੍ਰਚਾਰ ਨਾਲ ਹੀ ਨਸ਼ਿਆਂ ਦੇ ਖ਼ਿਲਾਫ਼ ਲੜਾਈ ਨੂੰ ਵੀ ਮਜ਼ਬੂਤੀ ਮਿਲੇਗੀ।

ਇਸ ਮੌਕੇ ਵਿਧਾਇਕ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਹ ਖੇਡਾਂ ਵਿੱਚ ਆਪਣਾ ਭਵਿੱਖ ਬਣਾ ਸਕਣਗੇ।

ਸਥਾਨਕ ਲੋਕਾਂ ਨੇ ਕਿਹਾ ਕਿ ਪਹਿਲਾਂ ਪਿੰਡ ਵਿੱਚ ਅਜਿਹੀਆਂ ਸਹੂਲਤਾਂ ਦੀ ਕਮੀ ਸੀ, ਪਰ ਹੁਣ ਇਹ ਮੈਦਾਨ ਨੌਜਵਾਨਾਂ ਲਈ ਪ੍ਰੇਰਣਾ ਦਾ ਕੇਂਦਰ ਬਣੇਗਾ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਕਾਸ ਕਾਰਜ ਜਾਰੀ ਰਹਿਣਗੇ।

Share.

“I’m a Newswriter, “I write about the trending news events happening all over the world.

Leave A Reply