ਜਲੰਧਰ, 8 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ, ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦੀ 45 ਦਿਨ ਤੱਕ ਦੀ ਰਿਕਾਰਡਿੰਗ ਦੀ ਸੀ.ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾ ਕਰਵਾਈ ਜਾਵੇ।

ਇਸੇ ਤਰ੍ਹਾਂ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਇੰਦਰਾਜ ਵਾਹਨ ਮਾਲਕ ਦਾ ਨਾਮ, ਮੋਬਾਇਲ ਨੰਬਰ, ਆਈ.ਡੀ., ਵਾਹਨ ਦੀ ਕਿਸਮ, ਰਜਿਸਟ੍ਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ’ਤੇ ਦਸਤਖ਼ਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਇੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਪਾਸੋਂ ਵਾਹਨ ਦੀ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ । ਇਸ ਤੋਂ ਇਲਾਵਾ ਪਾਰਕਿੰਗ ਵਾਲੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਿਆਂ ਤੋਂ ਕਰਵਾਈ ਜਾਵੇ। ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜ਼ੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਖ਼ਰੀਦਦਾਰ ਦੀ ਦਰੁੱਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ।

ਵਰਦੀ ਖ਼ਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖ਼ਰੀਦਣ ਵਾਲੇ ਦਾ ਰੈਂਕ, ਨਾਮ, ਪਤਾ, ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ।ਇਸੇ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਬੁੱਲਟ ਮੋਟਰਸਾਈਕਲ ਚਲਾਉਂਦੇ ਸਮੇਂ ਸਾਇਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਦੁਕਾਨਦਾਰ, ਆਟੋ ਕੰਪਨੀ ਵਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਇਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਇਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ। ਇਹ ਸਾਰੇ ਹੁਕਮ 7.11.2025 ਤੱਕ ਲਾਗੂ ਰਹਿਣਗੇ।

Share.

“I’m a Newswriter, “I write about the trending news events happening all over the world.

Leave A Reply