ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਰੈੱਡ ਕਰਾਸ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਤਿੰਨ ਦਿਨਾ ਪੰਜਾਬ ਸਖੀ ਸ਼ਕਤੀ ਮੇਲਾ-2026 ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਬਿਹਤਰਨੀਨ ਉਪਰਾਲਾ ਹੈ, ਜੋ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਪਿੰਡਾਂ ਵਿੱਚ ਘਰਾਂ ਵਿੱਚ ਬੈਠ ਕੇ ਹੱਥ ਕਲਾਕਾਰੀ ਦਾ ਕੰਮ ਕਰਦੀਆਂ ਹਨ, ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਮੌਕਾ ਹੈ, ਜਿਸ ਨਾਲ ਉਹ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤ ਕਰ ਸਕਦੀਆਂ ਹਨ।ਸ਼੍ਰੀ ਭਗਤ ਨੇ ਕਿਹਾ ਕਿ ਕਿਸੇ ਵੀ ਦੇਸ਼ ਤੇ ਸੂਬੇ ਦੀ ਤਰੱਕੀ ਵਿੱਚ ਮਹਿਲਾਵਾਂ ਦਾ ਬਹੁਤ ਅਹਿਮ ਯੋਗਦਾਨ ਹੁੰਦਾ ਹੈ ਅਤੇ ਕੋਈ ਵੀ ਦੇਸ਼ ਜਾਂ ਸਮਾਜ ਮਹਿਲਾਵਾਂ ਦੀ ਅਣਦੇਖੀ ਕਰਕੇ ਵਿਕਾਸ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਔਰਤਾਂ ਦੀ ਭਲਾਈ ਅਤੇ ਬਿਹਤਰੀ ਲਈ ਦ੍ਰਿੜ ਵਚਨਬੱਧ ਹੈ।ਕੈਬਨਿਟ ਮੰਤਰੀ ਨੇ ਸੈਲਫ਼ ਹੈਲਪ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਮੇਲੇ ਵਿੱਚ ਲਗਾਏ ਗਏ ਸਟਾਲਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਮਹਿਲਾਵਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਮੇਲੇ ਵਿੱਚ ਸ਼ਿਰਕਤ ਕਰਨ ਅਤੇ ਮਹਿਲਾਵਾਂ ਵੱਲੋਂ ਬਣਾਏ ਉਤਪਾਦਾਂ ਦੀ ਖ਼ਰੀਦਦਾਰੀ ਕਰਕੇ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੇਲੇ ਦਾ ਮੁੱਖ ਮਕਸਦ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਲਈ ਪਲੇਟਫਾਰਮ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਕਰੀਬ 62 ਸਵੈ ਸਹਾਇਤਾ ਸਮੂਹ ਹਿੱਸਾ ਲੈ ਰਹੇ ਹਨ ਅਤੇ ਇਹ ਮੇਲਾ 29 ਜਨਵਰੀ ਤੱਕ ਜਾਰੀ ਰਹੇਗਾ।ਮੇਲੇ ਦੌਰਾਨ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਵੱਲੋਂ ਤਿਆਰ ਕੀਤੇ ਆਚਾਰ, ਚਟਨੀ, ਮੁਰੱਬੇ, ਜੂਟ ਦਾ ਸਮਾਨ, ਆਰਗੈਨਿਕ ਹਲਦੀ, ਸ਼ਹਿਦ ਤੇ ਹੋਰ ਪਦਾਰਥਾਂ ਦੇ ਸਟਾਲ ਲਗਾਏ ਗਏ ਸਨ। ਇਸ ਦੌਰਾਨ ਐਚ.ਐਮ.ਵੀ. ਕਾਲਜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾਂ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ, ਜ਼ਿਲ੍ਹਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਵੀਨੂੰ ਖੰਨਾ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਸ਼ੋਭਾ ਭਗਤ, ਸੁਦੇਸ਼ ਭਗਤ, ਸੈਲਫ ਹੈਲਪ ਗਰੁੱਪ ਦੀਆਂ ਮਹਿਲਾਵਾਂ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਸਟਾਫ਼ ਵੀ ਮੌਜੂਦ ਸੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


