ਜਲੰਧਰ, 8 ਮਾਰਚ : ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਦੌੜਦਾ ਪੰਜਾਬ-2’ ਹਾਫ਼ ਮੈਰਾਥਨ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨ ਸ਼ਾਹਪੁਰ ਵਿਖੇ ਕਰਵਾਈ ਗਈ ‘ਦੌੜਦਾ ਪੰਜਾਬ-2’ ਤੇ 17ਵੀਂ ਸੀ.ਟੀ. ਹਾਫ਼ ਮੈਰਾਥਨ ਦੌੜ ਉਪਰੰਤ ਮੀਡੀਆ ਦੇ ਰੂ-ਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਸਾਲ ਤੋਂ ‘ਦੌੜਦਾ ਪੰਜਾਬ’ ਮੈਰਾਥਨ ਕਰਵਾਈ ਜਾ ਰਹੀ ਹੈ ਅਤੇ ਇਸ ਵਾਰ ਸੀ.ਟੀ. ਗਰੁੱਪ ਦੇ ਸਹਿਯੋਗ ਨਾਲ ਪ੍ਰਸ਼ਾਸਨ ਵਲੋਂ ‘ਦੌੜਦਾ ਪੰਜਾਬ-2’ ਹਾਫ਼ ਮੈਰਾਥਨ ਦੌੜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕਰਵਾਈ ਗਈ ਹਾਫ਼ ਮੈਰਾਥਨ ਦਾ ਉਦੇਸ਼ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਨਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਹਾਫ਼ ਮੈਰਾਥਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਤੇ ਵਿਦਿਆਰਥੀਆਂ ਤੇ ਸਮਾਜ ਦੀਆਂ ਹੋਰ ਉੱਘੀਆਂ ਸ਼ਖਸੀਅਤਾਂ ਵਲੋਂ ਸ਼ਿਰਕਤ ਕਰਕੇ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਲਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਈ ਗਈ ਮੈਰਾਥਨ ਵਿੱਚ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਇਲਾਵਾ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਸ਼ੇਖੇ ਵਿਖੇ ਸਥਾਪਤ ਸਰਕਾਰੀ ਆਧੁਨਿਕ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਿਆਂ ਦੀ ਲੱਤ ਤੋਂ ਨਿਜਾਤ ਪਾ ਚੁੱਕੇ ਨੌਜਵਾਨਾਂ ਨੂੰ ਮੁੜ ਵਸੇਬੇ ਲਈ ਹੁਨਰਮੰਦ ਕਿੱਤਿਆਂ ਦੀ ਸਿਖ਼ਲਾਈ ਦੇ ਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪ੍ਰਸ਼ਾਸਨ ਵਲੋਂ ਜਲੰਧਰ ਪ੍ਰੀਮੀਅਰ ਲੀਗ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਹੁਣ ਤੱਕ ਕ੍ਰਿਕਿਟ, ਚੈਸ ਤੇ ਬੈਡਮਿੰਟਨ ਆਦਿ ਦੇ ਮੁਕਾਬਲੇ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸੇ ਕੜੀ ਨੂੰ ਅੱਗੇ ਵਧਾਉਂਦਿਆਂ ਪ੍ਰਸ਼ਾਸਨ ਵਲੋਂ ਆਉਣ ਵਾਲੇ ਦਿਨਾਂ ਵਿੱਚ 14 ਤੇ 21 ਸਾਲ ਦੇ ਨੌਜਵਾਨਾਂ ਤੋਂ ਇਲਾਵਾ ਵਡੇਰੀ ਉਮਰ ਦੇ ਖਿਡਾਰੀਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅਪ੍ਰੈਲ 2026 ਵਿੱਚ ਬਾਕਸਿੰਗ ਦੇ ਨਾਲ-ਨਾਲ ਬੈਡਮਿੰਟਨ ਦੀ ਲੀਗ ਦੁਬਾਰਾ ਕਰਵਾਈ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਿਲ੍ਹਾ ਪੱਧਰ ’ਤੇ ਡਿਸਟ੍ਰਿਕਟ ਓਲੰਪਿਕ ਐਸੋਸੀਏਸ਼ਨ ਵੀ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਾਜ਼ਰ ਵੱਖ-ਵੱਖ ਸ਼ਖਸੀਅਤਾਂ ਤੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਜੁੜਨ ਦਾ ਸੱਦਾ ਦਿੱਤਾ ਗਿਆ ਤਾਂ ਜੋ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਤੇ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਹਾਫ਼ ਮੈਰਾਥਨ ਦੌੜ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਸ਼ਖਸੀਅਤਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਤੇ ਸੀ.ਟੀ.ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੇਨ ਚਰਨਜੀਤ ਸਿੰਘ ਚੰਨੀ, ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ਤੇ ਗਗਨ ਕੋਕਰੀ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


