ਖੰਨਾ, ਲੁਧਿਆਣਾ 23 ਫਰਵਰੀ:

ਪੁਲਿਸ ਜ਼ਿਲ੍ਹਾ ਖੰਨਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੰਨਾ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ‘ਚ ਨਜ਼ਰ ਆ ਰਹੀ ਹੈ। ਇਸੇ ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਬੀਤੀ ਅੱਧੀ ਰਾਤ ਨੂੰ ਅਚਨਚੇਤ ਵੱਖ-ਵੱਖ ਥਾਣਿਆਂ ਅਤੇ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਥਾਣਿਆਂ ਦੀ ਚੈਕਿੰਗ ਕਰਦਿਆਂ ਪੁਲਿਸ ਮੁਲਾਜ਼ਮਾਂ ਦੀ ਤਿਆਰੀ, ਹਾਜ਼ਰੀ ਅਤੇ ਡਿਊਟੀ ਪ੍ਰਬੰਧਾਂ ਦੀ ਪੜਤਾਲ ਕੀਤੀ ਗਈ।

ਅਚਨਚੇਤ ਜਾਂਚ ਦੌਰਾਨ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਥਾਣਿਆਂ ਵਿੱਚ ਤੈਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਹਰ ਮੁਲਾਜ਼ਮ ਆਪਣੀ ਡਿਊਟੀ ਪ੍ਰਤੀ ਪੂਰੀ ਤਰ੍ਹਾਂ ਸਚੇਤ ਅਤੇ ਜ਼ਿੰਮੇਵਾਰ ਹੈ। ਉਨ੍ਹਾਂ ਨੇ ਹਥਿਆਰਾਂ ਦੀ ਤਿਆਰੀ, ਸੁਰੱਖਿਆ ਸਾਮਾਨ ਦੀ ਸਥਿਤੀ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਕਾਰਗੁਜ਼ਾਰੀ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਐਸ.ਐਸ.ਪੀ ਨੇ ਨਾਕਿਆਂ ‘ਤੇ ਤੈਨਾਤ ਟੀਮਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਚੈਕਿੰਗ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਰ ਆਉਣ-ਜਾਣ ਵਾਲੇ ਵਾਹਨ ਅਤੇ ਸ਼ੱਕੀ ਵਿਅਕਤੀ ‘ਤੇ ਕੜੀ ਨਜ਼ਰ ਰੱਖੀ ਜਾਵੇ। ਰਾਤ ਸਮੇਂ ਨਾਕਾਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਪੈਟਰੋਲਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਵੀ ਦਿੱਤੇ ਗਏ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।

ਡਾ. ਦਰਪਣ ਆਹਲੂਵਾਲੀਆ ਨੇ ਸੁਰੱਖਿਆ ਪ੍ਰਬੰਧਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖੰਨਾ ਪੁਲਿਸ ਦਾ ਸਟਾਫ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਿਹਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਹਰ ਸਮੇਂ ਚੌਕਸ ਰਹਿਣਾ ਜ਼ਰੂਰੀ ਹੈ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਰਾਤ ਦੌਰਾਨ ਗਸ਼ਤ ਵਧਾਈ ਜਾਵੇ ਅਤੇ ਸੰਵੇਦਨਸ਼ੀਲ ਇਲਾਕਿਆਂ ‘ਚ ਵਧੇਰੇ ਧਿਆਨ ਦਿੱਤਾ ਜਾਵੇ।

ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਜੇਕਰ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਨਜ਼ਦੀਕੀ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ।

ਪੁਲਿਸ ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਜ਼ਿਲ੍ਹਾ ਖੰਨਾ ਵਿੱਚ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਅਚਨਚੇਤ ਚੈਕਿੰਗ ਅਤੇ ਨਾਈਟ ਪੈਟਰੋਲਿੰਗ ਨਾਲ ਨਾ ਸਿਰਫ਼ ਪੁਲਿਸ ਦੀ ਤਿਆਰੀ ਦੀ ਪਰਖ ਹੁੰਦੀ ਹੈ, ਸਗੋਂ ਅਪਰਾਧਿਕ ਤੱਤਾਂ ਵਿੱਚ ਡਰ ਦਾ ਮਾਹੌਲ ਵੀ ਬਣਦਾ ਹੈ। ਖੰਨਾ ਪੁਲਿਸ ਦੀ ਇਹ ਸਰਗਰਮੀ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

Share.

“I’m a Newswriter, “I write about the trending news events happening all over the world.

Leave A Reply