ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਜੈਕਟ ਜੀਵਨ ਜੋਤ ਤਹਿਤ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ 2 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਨੂੰ ਰੋਕਣ ਲਈ ਇਸ ਮੁਹਿੰਮ ਤਹਿਤ ਸ਼ਹਿਰ ਦੇ ਬੀ.ਐਮ. ਸੀ. ਚੌਕ, ਚੁਨਮੁਨ ਚੌਕ, ਗੁਰੂ ਨਾਨਕ ਮਿਸ਼ਨ, ਕਪੂਰਥਲਾ ਚੌਕ ਸਮੇਤ ਵੱਖ ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ 2 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ, ਜੋ ਭੀਖ ਮੰਗ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਰੈਸਕਿਊ ਕੀਤੀਆਂ ਗਈਆਂ ਲੜਕੀਆਂ ਦੀ ਚਾਰ ਨੰਬਰ ਥਾਣੇ ਵਿੱਚ ਡੀ.ਡੀ.ਆਰ. ਕਰਵਾਉਣ ਉਪਰੰਤ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਗਿਆ।
ਲੜਕੀਆਂ ਨੂੰ ਬਾਅਦ ਵਿੱਚ ਬਾਲ ਭਲਾਈ ਕਮੇਟੀ ਜਲੰਧਰ ਕੋਲ ਪੇਸ਼ ਕਰ ਕੇ ਸ਼ੈਲਟਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਚੈਕਿੰਗ ਮੁਹਿੰਮ ਪੂਰੇ ਪੰਜਾਬ ਵਿੱਚ ਲਗਾਤਾਰ ਚਲਾਈ ਜਾ ਰਹੀ ਹੈ ਤਾਂ ਜੋ ਦੂਜੇ ਰਾਜਾਂ ਤੋਂ ਆਏ ਪ੍ਰਵਾਸੀਆਂ ਨੂੰ ਪੰਜਾਬ ਵਿੱਚ ਭੀਖ ਮੰਗਣ ਤੋਂ ਰੋਕਿਆ ਜਾ ਸਕੇ ਅਤੇ ਭੀਖ ਮੰਗਣ ਵਿੱਚ ਲੱਗੇ ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਬਣਾਇਆ ਜਾ ਸਕੇ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਛੋਟੇ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾਵੇ।


									 
					
