ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਸਮਾਗਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਡਾ. ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਹ ਦਿਨ ਸਾਡੇ ਜੀਵਨ ਵਿਚ ਬਹੁਤ ਅਹਿਮ ਸਥਾਨ ਰੱਖਦਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਪਾਰਕਿੰਗ, ਪਖਾਨੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਆਵਾਜਾਈ ਦੇ ਇੰਤਜ਼ਾਮ ਸਮੇਤ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਪੂਰੇ ਸਮਾਗਮ ਦੌਰਾਨ ਸਟੇਡੀਅਮ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਇਸ ਤੋਂ ਇਲਾਵਾ ਡਾ. ਅਗਰਵਾਲ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਡਾਕਟਰਾਂ ਅਤੇ ਪੈਰਾਮੈਡੀਕਸ ਸਮੇਤ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਵੀ.ਵੀ.ਆਈ.ਪੀ. ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਝਾਕੀਆਂ ਰਾਹੀਂ ਵਿਭਾਗਾਂ ਦੀਆਂ ਪ੍ਰਾਪਤੀਆਂ ਦਰਸਾਉਣ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਮਾਗਮ ਦੇ ਅੰਤ ਵਿੱਚ ਸਰਬਓਤਮ ਝਾਕੀ ਨੂੰ ਨਕਦ ਇਨਾਮ ਨਾਲ ਨਵਾਜ਼ਿਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸ਼ਹਿਰ ਵਿੱਚ ਖਾਸ ਕਰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਸਟੇਡੀਅਮ ਵਿਖੇ ਢੁੱਕਵੇਂ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਨਗਰ ਨਿਗਮ ਜਲੰਧਰ ਨੂੰ ਸ਼ਹਿਰ ਦੇ ਮੁੱਖ ਚੌਕਾਂ ਦੀ ਸਜਾਵਟ ਵਿਸ਼ੇਸ਼ ਤੌਰ ’ਤੇ ਦੇਸ਼ ਭਗਤੀ ਦੀ ਥੀਮ ’ਤੇ ਆਧਾਰਿਤ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ, ਐਸ.ਡੀ.ਐਮ ਬਲਬੀਰ ਰਾਜ ਸਿੰਘ, ਐਸ.ਡੀ.ਐਮ ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


