ਜਲੰਧਰ, 29 ਮਈ : ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਕੱਤਰ ਆਰ.ਟੀ.ਏ. ਬਲਬੀਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਭਾਗ ਲਿਆ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਸਕੱਤਰ ਆਰ.ਟੀ.ਏ. ਨੇ ਓਵਰਲੋਡਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ, ਅੰਡਰ ਏਜ ਡਰਾਈਵਿੰਗ, ਓਵਰ ਸਪੀਡ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ।
ਉਨ੍ਹਾਂ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਉਣ ਦੇ ਨਾਲ-ਨਾਲ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਜਾਗਰੂਕਤਾ ਗਤੀਵਿਧੀਆਂ ਵਿੱਚ ਐਨ.ਜੀ.ਓਜ਼ ਨੂੰ ਵੀ ਸਗਰਗਮ ਸਹਿਯੋਗ ਦੇਣ ਦੀ ਅਪੀਲ ਕੀਤੀ।ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਪਾਲਿਸੀ ਦੀਆਂ ਸ਼ਰਤਾਂ ਬਾਰੇ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਸਕੂਲੀ ਵਾਹਨਾਂ ਵੱਲੋਂ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।ਸਕੱਤਰ ਆਰ.ਟੀ.ਏ. ਨੇ ਪੀ.ਡਬਲਯੂ.ਡੀ. ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਾਦਸਿਆਂ ਦਾ ਕਾਰਨ ਬਣਦੇ ਬਲੈਕ ਸਪੋਟਾਂ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਲਈ ਜਲਦ ਤੋਂ ਜਲਦ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਹਿੱਟ ਐਂਡ ਰਨ ਦੇ ਸਾਰੇ ਮਾਮਲਿਆਂ ਵਿੱਚ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਫ.ਆਈ.ਆਰ. ਦਰਜ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਕੋਈ ਵੀ ਘਟਨਾ ਬਿਨਾਂ ਰਿਪੋਰਟ ਕੀਤੇ ਨਾ ਰਹੇ।
ਸਕੱਤਰ ਆਰ.ਟੀ.ਏ. ਨੇ ਜ਼ਿਲ੍ਹਾ ਵਾਸੀਆਂ ਨੂੰ ਆਵਾਜਾਈ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।ਇਸ ਮੌਕੇ ਆਰ.ਟੀ.ਓ. ਅਮਨਪਾਲ ਸਿੰਘ, ਏ.ਡੀ.ਸੀ.ਪੀ. ਗੁਰਬਾਜ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਡਾ. ਸੁਮਨਦੀਪ ਕੌਰ, ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਬੈਂਸ, ਏ.ਆਰ.ਟੀ.ਓ. ਵਿਸ਼ਾਲ ਗੋਇਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਮੈਂਬਰ ਮੌਜੂਦ ਸਨ।