ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਜੂਨਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ ਪਿੰਡ ਚਿੱਬੜਾਂਵਾਲੀ ਵਿਖੇ ਸੜਕਾਂ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਧਰ ਰੱਖੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸਾਂਝੀ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਦੇ ਵਿਧਾਇਕ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਮਲੋਟ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇੱਕ-ਇੱਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ।ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਿਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ।ਇਸ ਮੌਕੇ ਪਰਮਜੀਤ ਗਿੱਲ (ਦਫ਼ਤਰ ਇੰਚਾਰਜ਼), ਸ਼ਹਿਰੀ ਪ੍ਰਧਾਨ ਗਗਨ ਔਲਖ, ਹਰਮੇਲ ਸੰਧੂ ਐਮ.ਸੀ., ਜਸਦੇਵ ਸੰਧੂ ਐਮ.ਸੀ., ਗੁਰਮੀਤ ਸਿੰਘ ਚਿੰਟੂ ਵਿਰਦੀ, ਸੁਰਜੀਤ ਮਹਿੰਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।TwitterWhatsappSend Email