ਜਲੰਧਰ, 19 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਦੁਨੀਆਂ ਦਾ ਹਰ ਧਰਮ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ ਅਤੇ ਮਨੁੱਖਤਾ ਦੀ ਸੇਵਾ ਤੋਂ ਵੱਡੀ ਹੋਰ ਕੋਈ ਸੇਵਾ ਨਹੀਂ ਹੈ।ਇਥੇ ਹੋਲੀ ਟ੍ਰਿਨਿਟੀ ਚਰਚ ਵਿਖੇ ਡਾਇਸਸ ਆਫ ਜਲੰਧਰ ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤ ਵਿੱਚ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਇਹ ਧਰਤੀ ਹਰ ਢੰਗ ਨਾਲ ਈਸ਼ਵਰ ਨੂੰ ਮੰਨਣ ਵਾਲਿਆਂ ਦਾ ਦਿਲੋਂ ਸਤਿਕਾਰ ਕਰਦੀ ਹੈ।
ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਡਾਇਰੈਕਟਰ ਪੀ.ਆਰ.ਟੀ.ਸੀ. ਰਜਿੰਦਰ ਸਿੰਘ ਰਿਹਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ।ਇਸਾਈ ਭਾਈਚਾਰੇ ਵੱਲੋਂ ਮਨੁੱਖਤਾ ਦੀ ਸੇਵਾ ਵਿੱਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ.ਸੰਧਵਾਂ ਨੇ ਕਿਹਾ ਕਿ ਇਸਾਈ ਭਾਈਚਾਰੇ ਨੇ ਨਾ ਸਿਰਫ਼ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ, ਸਗੋਂ ਇਸ ਭਾਈਚਾਰੇ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਵੀ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਤੋਂ ਸਿਹਤ ਤੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਲਗਾਤਾਰ ਸੁਧਾਰਾਂ ਰਾਹੀਂ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਬਿਸ਼ਪ ਡਾ. ਜੋਸ ਸਬੈਸਟੀਅਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਇਸਾਈ ਭਾਈਚਾਰਾ ਇਸੇ ਤਰ੍ਹਾਂ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਸੇਵਾ ਨਿਭਾਉਂਦਾ ਰਹੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਆਗੂ ਰੋਬਿਨ ਸਾਂਪਲਾ, ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਆਦਿ ਵੀ ਮੌਜੂਦ ਸਨ।——