ਖੰਨਾ, ਲੁਧਿਆਣਾ, 3 ਅਗਸਤ: ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਨ ਨੂੰ ਸਮਰਪਿਤ ਸੰਵਿਧਾਨ ਬਾਰੇ ਜਾਗ੍ਰਤੀ ਸਮਾਗਮ ਗੁਰੂ ਰਵਿਦਾਸ ਧਰਮਸ਼ਾਲਾ, ਭੱਟੀਆਂ, ਖੰਨਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਰੱਖੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਖੰਨਾ ਦੇ ਅਮਲੋਹ ਚੌਂਕ ਜਿਸ ਦਾ ਨਾਮ ਪਹਿਲਾ ਹੀ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ‘ਤੇ ਰੱਖਿਆ ਹੋਇਆ ਹੈ ਵਿੱਚ ਆਉਣ ਵਾਲੇ ਤਿੰਨ ਮਹੀਨਿਆਂ ਦੇ ਅੰਦਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਬਹੁਤ ਵਧੀਆ ਬੁੱਤ ਸਥਾਪਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਭੱਟੀਆਂ (ਖੰਨਾ) ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖੰਨਾ ਵਿੱਚ 6 ਮੁਹੱਲਾ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ ਅਤੇ 4 ਹੋਰ ਮੁਹੱਲਾ ਕਲੀਨਿਕਾਂ ਦੀ ਪ੍ਰਵਾਨਗੀ ਮਿਲ ਚੁੱਕੀ ਹੈ ਜਿਨ੍ਹਾਂ ਵਿੱਚੋਂ ਇੱਕ ਮੁਹੱਲਾ ਕਲੀਨਿਕ ਪਿੰਡ ਭੱਟੀਆਂ ਦੇ ਏਰੀਏ ਵਿੱਚ ਖੋਲਿਆ ਜਾਵੇਗਾ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਨ੍ਹਾਂ ਦੀਆਂ ਰੱਖੀਆ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦੇਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਦਿਨ ਖੰਨਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਉਦਘਾਟਨ ਕੀਤਾ ਜਾਵੇਗਾ ਉਸ ਦਿਨ ਉਹ ਖ਼ੁਦ ਅਤੇ ਦਲਿਤ ਸਮਾਜ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਇਸ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣਗੇ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ “ਭਾਰਤ ਦੇ ਸੰਵਿਧਾਨ ਦੇ ਪਿਤਾ” ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ।ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਦੱਸਦੇ ਹੋਏ, ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਹ ਸਮਾਜ ਦੇ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਲਈ ਨਿਆਂ ਦੀ ਆਖਰੀ ਉਮੀਦ ਹੈ। “ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਅਗਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸੰਵਿਧਾਨ ਦੀ ਪਵਿੱਤਰ ਕਿਤਾਬ ਵਿੱਚ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ ਦਾ ਕਾਨੂੰਨੀ ਉਪਬੰਧ ਕਰਨ ਕਰਕੇ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਕ੍ਰਾਂਤੀ ਰਾਹੀ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਤੁਰ ਰਹੀ ਹੈ।ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਭਰ ਵਿੱਚ ਪਹਿਲੀ ਸਰਕਾਰ ਹੈ ਜਿਸਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਨੂੰ ਪ੍ਰੇਰਕਾਂ ਅਤੇ ਆਦਰਸ਼ ਵਜੋਂ ਲਗਾਇਆ ਹੈ।ਜਸਵੀਰ ਸਿੰਘ ਗੜ੍ਹੀ ਚੇਅਰਮੈਨ ਐਸ.ਸੀ ਕਮਿਸ਼ਨ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਆਪਣੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਉਨ੍ਹਾਂ (ਡਾ. ਬੀ. ਆਰ. ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ‘ਆਪ’ ਦੇ ਆਗੂ ਡਾ. ਜਸਪ੍ਰੀਤ ਸਿੰਘ ਬੀਜਾ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਧਰਮਿੰਦਰ ਸਿੰਘ ਲਾਂਬਾ, ਹਰਵਿੰਦਰ ਸਿੰਘ ਭੱਟੀ, ਰਣਦੀਪ ਸਿੰਘ ਹਨੀ, ਹਲਕਾ ਸਗੰਠਨ ਇੰਚਾਰਜ ਮਾਸਟਰ ਅਵਤਾਰ ਸਿੰਘ ਦਹਿੜੂ, ਭੁਪਿੰਦਰ ਸਿੰਘ ਸੌਂਦ, ਕੌਂਸਲਰ ਪਰਮਪ੍ਰੀਤ ਸਿੰਘ, ਕੌਂਸਲਰ ਸੁਖਮਨਜੀਤ ਸਿੰਘ, ਓ.ਐਸ.ਡੀ ਕਰਨ ਅਰੋੜਾ, ਬਲਾਕ ਪ੍ਰਧਾਨ ਨੀਸੂ ਕਪਲਾ, ਰਜਿੰਦਰ ਜੀਤ ਸਿੰਘ, ਜਤਿੰਦਰ ਪਾਠਕ, ਕੀਮਤੀ ਲਾਲ, ਗੁਰਦੀਪ ਸਿੰਘ ਦੀਪਾ, ਰਾਜਨ ਭੱਟੀਆਂ, ਮਨਦੀਪ ਸਿੰਘ ਭੱਟੀਆਂ ਅਤੇ ਅਮਰਜੀਤ ਭੱਟੀਆਂ, ਕੁਲਵੰਤ ਸਿੰਘ ਮਹਿਮੀ, ਰਾਧੇ ਸ਼ਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।