ਲੁਧਿਆਣਾ, 06 ਅਗਸਤ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ 300 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ਼ ਹਿੱਸਾ ਲਿਆ। ਡਾ. ਸ਼ਰਮਾ ਨੇ ਅੱਗੇ ਦੱਸਿਆ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਦੁਆਰਾ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਪ੍ਰੋਗਰਾਮ ਉਲੀਕੇ ਗਏ ਹਨ। ਇਸੇ ਕੜੀ ਤਹਿਤ ਵਿਦਿਆਰਥੀਆਂ ਦੀਆਂ ਸਿਰਜਣਾਤਮਕ ਅਤੇ ਸੁਹਜਾਤਮਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫੇਰ ਜ਼ਿਲ੍ਹਿਆ ਵਿੱਚੋਂ ਜੇਤੂ ਵਿਦਿਆਰਥੀਆਂ ਦੇ ਮੁਕਾਬਲੇ ਰਾਜ ਪੱਧਰ ਉੱਤੇ ਕਰਵਾਏ ਜਾਂਦੇ ਹਨ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬੀ ਕਵਿਤਾ ਗਾਇਨ ਵਿੱਚ ਹਰਸ਼ੀਨ ਕੌਰ, ਮਨਮੀਤ ਸਿੰਘ ਅਤੇ ਮਿਅੰਕ ਮੁਕੇਸ਼ ਸ਼ਰਮਾ, ਕਹਾਣੀ ਰਚਨਾ ਵਿੱਚ ਗੁਰਜੋਤ ਕੌਰ, ਏਕਮਜੋਤ ਕੌਰ ਅਤੇ ਸਾਵੀ ਗੁਪਤਾ, ਕਵਿਤਾ ਰਚਨਾ ਵਿੱਚ ਭਵਨੂਰ ਸਿੰਘ ਗਿੱਲ, ਸੁਖਜੀਤ ਸਿੰਘ ਅਤੇ ਹਰਸਿਮਰਨ ਕੌਰ, ਲੇਖ ਰਚਨਾ ਵਿੱਚ ਹੇਮਾ ਕੁਮਾਰੀ, ਗੁਰਨੀਤ ਕੌਰ ਅਤੇ ਸੁਖਮਨ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦੀਆਂ ਸੇਵਾਵਾਂ ਪੰਜਾਬੀ ਸਾਹਿਤ ਅਤੇ ਅਕਾਦਮਿਕ ਜਗਤ ਦੀਆਂ ਪ੍ਰਸਿੱਧ ਸਖਸ਼ੀਅਤਾਂ ਤ੍ਰੈਲੋਚਨ ਲੋਚੀ, ਪਰਮਜੀਤ ਸੋਹਲ, ਹਰਲੀਨ ਸੋਨਾ, ਡਾ.ਚਰਨਜੀਤ ਕੌਰ, ਡਾ.ਜਸਲੀਨ ਕੌਰ, ਡਾ.ਸੰਦੀਪ ਸੇਖੋਂ, ਡਾ. ਰਮਨ ਸ਼ਰਮਾ ਅਤੇ ਡਾ. ਵੰਦਨਾ ਸ਼ਾਹੀ ਅਤੇ ਗੁਰਵਿੰਦਰ ਕੌਰ ਨੇ ਨਿਭਾਈਆਂ।ਕਾਲਜ ਪ੍ਰਿੰਸੀਪਲ ਸੁਮਨ ਲਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਭਾਸ਼ਾ ਵਿਭਾਗ ਵੱਲੋਂ ਇਨਾਮ ਵਜੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।