ਲੁਧਿਆਣਾ, 06 ਅਗਸਤ (000) – ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੁਸ਼ਟ ਆਸ਼ਰਮ, ਇਸਲਾਮ ਗੰਜ, ਲੁਧਿਆਣਾ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ, ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਕੁਸ਼ਟ ਆਸ਼ਰਮ ਵਿਖੇ ਰਹਿ ਰਹੇ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।
ਇਸ ਤੋਂ ਬਾਅਦ, ਉਨ੍ਹਾਂ ਕੁਸ਼ਟ ਆਸ਼ਰਮ ਦੇ ਪ੍ਰਧਾਨ ਰਵਿੰਦਰ ਚੌਰਸਿਆ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ, ਕਾਨੂੰਨੀ ਸਹਾਇਤਾ ਜਾਂ ਸਲਾਹ-ਮਸ਼ਵਰਾ ਜਾਂ ਮੈਡੀਕਲ ਸਹੂਲਤ ਆਦਿ ਦੀ ਜ਼ਰੂਰਤ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵੱਲੋਂ ਸਮੂਹ ਪਰਿਵਾਰਕ ਮੈਂਬਰਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ, ਸਥਾਈ ਲੋਕ ਅਦਾਲਤ, ਕੌਮੀ ਲੋਕ ਅਦਾਲਤ, ਮੈਡੀਏਸ਼ਨ ਸੈਂਟਰ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ NALSA ਦੇ ਟੌਲ ਫਰੀ ਨੰਬਰ 15100 ਬਾਰੇ ਵੀ ਦੱਸਿਆ।