ਅਬੋਹਰ, (ਫਾਜ਼ਿਲਕਾ) 23 ਅਗਸਤ : ਪੰਜਾਬ ਦੇ ਜਲ ਸ੍ਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡਾਂ ਦਾ ਦੌਰਾ ਕਰਕੇ ਮੀਂਹ ਪ੍ਰਭਾਵਿਤ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਗਈਆਂ। ਜਿਕਰਯੋਗ ਹੈ ਕਿ 1 ਅਗਸਤ ਨੂੰ ਪਈ ਭਾਰੀ ਬਾਰਿਸ਼ ਕਾਰਨ ਅਬੋਹਰ ਅਤੇ ਬੱਲੂਆਣਾ ਹਲਕੇ ਦੇ ਕਈ ਪਿੰਡਾਂ ਵਿਚ ਪਾਣੀ ਖੇਤਾਂ ਵਿਚ ਜਮਾਂ ਹੋਣ ਕਾਰਨ ਫਸਲਾਂ ਨੂੰ ਨੁਕਸਾਨ ਹੋਇਆ ਹੈ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਉਨ੍ਹਾਂ ਦੇ ਨਾਲ ਹਾਜਰ ਸਨ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਸ ਦੌਰਾਨ ਢੀਂਗਾਂ ਵਾਲੀ ਤੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਅਤੇ ਅਬਾਦੀ ਖੇਤਰਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿਸੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਮਾਲ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ ਕਿ ਸਪੈਸ਼ਲ ਗਿਰਦਾਵਰੀ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇ। ਉਨ੍ਹਾਂ ਨੇ ਕਿਹਾ ਕਿ ਵਿਸੇਸ਼ ਗਿਰਦਾਵਰੀ ਦੀ ਰਿਪੋਰਟ ਅਨੁਸਾਰ ਹਰੇਕ ਪੀੜਤ ਨੂੰ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਫਸਲਾਂ ਦੇ ਨਾਲ ਨਾਲ ਘਰਾਂ ਨੂੰ ਹੋਏ ਨੁਕਸਾਨ ਸਬੰਧੀ ਵੀ ਇਸ ਗਿਰਦਾਵਰੀ ਵਿਚ ਵੇਰਵੇ ਇੱਕਤਰ ਕੀਤੇ ਜਾ ਰਹੇ ਹਨ ਅਤੇ ਘਰਾਂ ਦੇ ਨੁਕਸਾਨ ਲਈ ਵੀ ਸਰਕਾਰ ਨੀਤੀ ਅਨੁਸਾਰ ਬਣਦਾ ਮੁਆਵਜਾ ਦੇਵੇਗੀ।
ਕੈਬਨਿਟ ਮੰਤਰੀ ਨੇ ਆਖਿਆ ਕਿ ਇਹ ਇਕ ਕੁਦਰਤੀ ਆਫਤ ਸੀ ਪਰ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਪੀੜਤ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਪ੍ਰਾਦਰਸ਼ੀ ਤਰੀਕੇ ਨਾਲ ਮੁਆਵਜਾ ਮਿਲੇ। ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਭਵਿੱਖ ਵਿਚ ਪਾਣੀ ਜਮਾ ਨਾ ਹੋਵੇ ਇਸ ਲਈ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਹਰ ਸਾਲ ਬਰਸਾਤਾਂ ਤੋਂ ਪਹਿਲਾਂ ਛੱਪੜਾਂ ਦੀ ਸਫਾਈ ਯਕੀਨੀ ਬਣਾਈ ਜਾਵੇ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਮੌਕੇ ਕੈਬਨਿਟ ਮੰਤਰੀ ਅੱਗੇ ਇਲਾਕੇ ਦੀਆਂ ਮੰਗਾਂ ਰੱਖੀਆਂ। ਉਨ੍ਹਾਂ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਇਸ ਹਲਕੇ ਵਿਚ ਰਿਕਾਰਡ ਵਿਕਾਸ ਕਾਰਜ ਚੱਲ ਰਹੇ ਹਨ ਪਰ ਇਸ ਕੁਦਰਤੀ ਮਾਰ ਨੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ।
ਇਸ ਮੌਕੇ ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਬੀਡੀਪੀਓ ਅੰਤਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ ਡ੍ਰੇਨਜ ਆਲੋਕ ਚੌਧਰੀ ਵੀ ਹਾਜਰ ਸਨ।