ਜਲੰਧਰ, 8 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਆਰਮਜ਼ ਰੂਲਜ਼, 2016 ਦੇ ਰੂਲ ਨੰਬਰ 32 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਗਾ ਦਿੱਤੀ ਹੈ।

ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਆਦਿ ਬਣਾ ਕੇ ਸੋਸ਼ਲ ਮੀਡੀਆ ਜਿਵੇਂ ਫੇਸਬੁੱਕ, ਵਟਸਐਪ, ਸਨੈਪਚੈਟ ਅਤੇ ਇੰਸਟਾਗ੍ਰਾਮ ਆਦਿ ’ਤੇ ਅਪਲੋਡ ਕਰਨ ’ਤੇ ਪੂਰਨ ਪਾਬੰਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ।ਪੁਲਿਸ ਕਮਿਸ਼ਨਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਇਕ ਹੋਰ ਹੁਕਮ ਅਨੁਸਾਰ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ’ਤੇ ਅਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ।

ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਵਲੋਂ ਸਾਈਬਰ ਕ੍ਰਾਈਮ ਨੂੰ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ, ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ, ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਛਾਣ ਪੱਤਰ/ਆਈ.ਡੀ. ਪਰੂਫ਼/ਫੋਟੋ ਹਾਸਲ ਕੀਤੇ ਬਿਨਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ ਅਤੇ ਮੋਬਾਇਲ ਫੋਨ ਨੂੰ ਗ੍ਰਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗ੍ਰਾਹਕ/ਵਿਕਰੇਤਾ ਨੂੰ ਵੀ ਆਪਣੀ ਫ਼ਰਮ ਦੀ ਮੋਹਰ ਅਤੇ ਦਸਤਖ਼ਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ। ਇਸ ਤੋਂ ਇਲਾਵਾ ਫੋਨ ਖ਼ਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ, ਜਿਸ ਦੇ ਅਕਾਊਂਟ ਵਿਚੋਂ ਯੂ.ਪੀ.ਆਈ. ਪੇਮੈਂਟ ਜਾਂ ਕਾਰਡ ਰਾਹੀਂ ਜਾਂ ਆਨ-ਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ.ਡੀ. ਪਰੂਫ ਵੀ ਦੁਕਾਨਦਾਰ ਹਾਸਲ ਕਰਨ ਦੇ ਜ਼ਿੰਮੇਵਾਰ ਹੋਣਗੇ ਅਤੇ ਗ੍ਰਾਹਕ ਦਾ ਨਾਮ ਅਤੇ ਜਨਮ ਮਿਤੀ, ਪਿਤਾ ਦਾ ਨਾਮ, ਘਰ ਦਾ ਪੂਰਾ ਪਤਾ, ਜਿਸ ਨੂੰ ਫੋਨ ਜਾਂ ਸਿਮ ਵੇਚਿਆ ਹੈ ਜਾਂ ਜਿਸ ਪਾਸੋਂ ਫੋਨ ਖ਼ਰੀਦਿਆ ਹੈ, ਉਸ ਦਾ ਆਈ.ਡੀ. ਪਰੂਫ, ਮੋਬਾਇਲ ਅਤੇ ਸਿਮ ਖ਼ਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ ਅਤੇ ਦਸਤਖ਼ਤ, ਮੋਬਾਇਲ ਫੋਨ ਵੇਚਣ/ਖ਼ਰੀਦਣ ਦੀ ਮਿਤੀ ਅਤੇ ਸਮਾਂ, ਜਿਸ ਵਿਅਕਤੀ ਦੇ ਅਕਾਊਂਟ ਵਿਚੋਂ ਪੇਮੈਂਟ ਹੋਈ ਹੈ, ਉਸ ਵਿਅਕਤੀ ਦਾ ਆਈ.ਡੀ.ਪਰੂਫ ਅਤੇ ਗ੍ਰਾਹਕ ਦੀ ਫੋਟੋ ਅਨੁਸਾਰ ਰਿਕਾਰਡ ਰਜਿਸਟਰ ਮੈਨਟੇਨ ਕਰਨਗੇ।

ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ/ਮਾਂਝਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਵੀ ਅਜਿਹੀ ਡੋਰ/ਧਾਗਾ, ਜਿਸ ਉਪਰੰਤ ਸਿੰਥੈਟਿਕ/ਕੱਚ/ਤਿੱਖੀ ਧਾਤੂ ਦੀ ਪਰਤ ਚੜ੍ਹੀ ਹੋਵੇ (ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ), ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖ਼ਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ਅਤੇ ਪਤੰਗ ਉਡਾਉਣ ਲਈ ਵਰਤਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਤੰਗ ਉਡਾਉਣ ਦੀ ਇਜਾਜ਼ਤ ਸਿਰਫ਼ ਸੂਤੀ ਧਾਗੇ ਨਾਲ ਹੀ ਹੋਵੇਗੀ, ਜੋ ਕਿਸੇ ਪ੍ਰਕਾਰ ਦੇ ਤਿੱਖੇ/ਧਾਤੂ/ਕੱਚ ਜਾਂ ਧਾਗੇ ਨੂੰ ਮਜ਼ਬੂਤ ਕਰਨ ਲਈ ਚਿਪਕਾਈ ਗਈ ਪਰਤ ਤੋਂ ਰਹਿਤ ਹੋਵੇ। ਉਕਤ ਸਾਰੇ ਹੁਕਮ 7.11.2025 ਤੱਕ ਲਾਗੂ ਰਹਿਣਗੇ। ————-

Share.

“I’m a Newswriter, “I write about the trending news events happening all over the world.

Leave A Reply