ਪਾਇਲ/ਲੁਧਿਆਣਾ, 08 ਸਤੰਬਰ (000) – ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਆਪਣੇ ਵਿਧਾਨ ਸਭਾ ਹਲਕਾ ਪਾਇਲ ਵਿਖੇ ਲੋਕਾਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਵੱਲੋਂ ਪਿਛਲੇ 5 ਦਿਨਾਂ ਤੋਂ ਆਪਣੇ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਤ੍ਰਿਪਾਲਾਂ ਵੰਡੀਆਂ ਜਾ ਰਹੀਆਂ ਹਨ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਜਿਸਦੇ ਤਹਿਤ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਕੀਤੇ ਹਨ ਜਿਨ੍ਹਾਂ ਵਿੱਚ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ, ਘਰਾਂ ਦਾ ਮੁਆਵਜਾ, ਪਸ਼ੂਆਂ ਦਾ ਮੁਆਵਜਾ, ਹੜ੍ਹਾਂ ਵਿੱਚ ਜਾਨ ਗੁਆਉਣ ਵਾਲੇ ਪਰਿਵਾਰਾਂ ਨੂੰ ਵਿੱਤੀ ਸਹਾਹਿਤਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਐਲਾਨ ਹੜ੍ਹ ਕਾਰਨ ਨੁਕਸਾਨ ਦਾ ਸ਼ਿਕਾਰ ਹੋਏ ਪਰਿਵਾਰਾਂ, ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਰਥਿਕ ਸਹਾਇਤਾ ਪਹੁੰਚਾਉਣ ਲਈ ਕੀਤੇ ਗਏ ਹਨ।ਉਨ੍ਹਾਂ ਦੁਹਾਰਾਇਆ ਕਿ ਭਾਰੀ ਮੀਂਹ ਪੈਣ ਨਾਲ ਲੋਕਾਂ ਦੇ ਕੋਠੇ ਚੋਣ ਲੱਗ ਪਏ ਹਨ ਅਤੇ ਉਨ੍ਹਾਂ ਦਾ ਰਾਸ਼ਨ-ਪਾਣੀ ਅਤੇ ਘਰ ਦੀਆਂ ਜ਼ਰੂਰੀ ਵਸਤਾਂ ਭਿੱਜ ਰਹੀਆਂ ਸਨ, ਜਿਸ ਕਰਕੇ ਉਨ੍ਹਾਂ ਨੂੰ ਤ੍ਰਿਪਾਲਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।