ਲੁਧਿਆਣਾ, 09 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਵੱਖ-ਵੱਖ ਵਾਰਡਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਸਮੂਹ ਕੌਂਸਲਰ, ਨਗਰ ਨਿਗਮ ਦੇ ਐਸ.ਸੀ., ਐਕਸੀਅਨ, ਐਸ.ਡੀ.ਓਜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਮੀਟਿੰਗ ਦੌਰਾਨ ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਦਿਨੀ ਭਾਰੀ ਮੀਂਹ ਕਾਰਨ ਬੁੱਢੇ ਦਰਿਆ ਨੇੜਲੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ, ਜ਼ਿਆਦਾਤਰ ਲੋਕਾਂ ਦੇ ਘਰਾਂ ਅੰਦਰ ਬਰਸਾਤੀ ਪਾਣੀ ਦਾਖਲ ਹੋਇਆ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਸੀਵਰੇਜ ਸਮੱਸਿਆ ਦਾ ਪ੍ਰਮੁੱਖਤਾ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਗਲੀਆਂ ਵਿੱਚ ਮੀਂਹ ਦਾ ਪਾਣੀ ਇਕੱਠਾ ਨਾ ਹੋਵੇ।ਉਨ੍ਹਾਂ ਹਲਕਾ ਉੱਤਰੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ, ਵਸਨੀਕਾਂ ਦੀ ਬਿਹਤਰੀ ਲਈ ਕੰਮ ਕਰਨ ਅਤੇ ਨਵੇਂ ਵਿਕਾਸ ਪ੍ਰੋਜੈਕਟਾਂ ਨੂੰ ਕੁਸ਼ਲਤਾ ਨਾਲ ਲਾਗੂ ਕਰਨ ‘ਤੇ ਵੀ ਜ਼ੋਰ ਦਿੱਤਾ।ਵਿਧਾਇਕ ਬੱਗਾ ਵੱਲੋਂ ਮੀਟਿੰਗ ਦੌਰਾਨ ਨਿਗਮ ਦੀਆਂ ਵੱਖ-ਵੱਖ ਬਰਾਂਚਾਂ ਦੇ ਸੀਨੀਅਰ ਅਧਿਕਾਰੀਆਂ ਨੂੰ, ਹਲਕੇ ਵਿੱਚ ਸਟਰੀਟ ਲਾਈਟਾਂ, ਬਿਜਲੀ, ਪਾਣੀ, ਸੀਵਰੇਜ ਅਤੇ ਹੋਰ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੀਂਹ ਮਾਰ ਦੀ ਝੱਲ ਰਹੇ ਲੋਕਾਂ ਦੀ ਹਰ ਸੰਭਵ ਮਦਦ ਲਈ ਤੱਤਪਰ ਹੈ।