ਲੁਧਿਆਣਾ, 11 ਸਤੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਵਿਖੇ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਟਿਊਬਵੈਲ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਾਰਡ ਨੰਬਰ 46 ਅਧੀਨ ਜਨਤਾ ਨਗਰ, ਗਲੀ ਨੰਬਰ 8 ਵਿਖੇ ਨਵੇਂ 25 ਹਾਰਸ ਪਾਵਰ ਦਾ ਟਿਊਬਵੈਲ ਲਗਾਇਆ ਜਾ ਰਿਹਾ ਹੈ ਜਿਸ ‘ਤੇ ਕਰੀਬ 12.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਸਥਾਨਕ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਕੌਂਸਲਰ ਜਗਮੀਤ ਸਿੰਘ ਨੋਨੀ, ਬਲਾਕ ਪ੍ਰਧਾਨ ਜਗਦੀਪ ਸਿੰਘ ਰਿੰਕੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਤਹਿਤ ਇਲਾਕਾ ਨਿਵਾਸੀਆਂ ਲਈ ਇੱਕ ਨਿਰੰਤਰ ਅਤੇ ਭਰੋਸੇਮੰਦ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।