ਹੁਸ਼ਿਆਰਪੁਰ, 12 ਸਤੰਬਰ : ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰੇਕ ਪਟਵਾਰੀ ਨੂੰ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਜਾਣ ਅਤੇ ਪ੍ਰਭਾਵਿਤ ਫ਼ਸਲਾਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪਟਵਾਰੀ ਆਪਣੇ-ਆਪਣੇ ਖੇਤਰਾਂ ਦੀ ਗਿਰਦਾਵਰੀ 14 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰਨਗੇ।ਇਸ ਤੋਂ ਬਾਅਦ ਕਾਨੂੰਗੋ ਪ੍ਰਭਾਵਿਤ ਖੇਤਰ ਦੇ ਘੱਟੋ-ਘੱਟ 25 ਫ਼ੀਸਦੀ ਇਲਾਕੇ ਦਾ ਨਿਰੀਖਣ ਕਰਕੇ 5 ਦਿਨਾਂ ਵਿਚ ਰਿਪੋਰਟ ਦੇਣਗੇ, ਉਥੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪ੍ਰਭਾਵਿਤ ਪਿੰਡਾਂ ਵਿਚ ਘੱਟੋ-ਘੱਟ 10 ਫੀਸਦੀ ਖੇਤਰ ਦਾ ਨਿਰੀਖਣ ਕਰਨਗੇ ਅਤੇ 5 ਦਿਨਾਂ ਵਿਚ ਆਪਣੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਨੂੰ ਭੇਜਣਗੇ। ਅੰਤਿਮ ਰਿਪੋਰਟ ਦੇ ਆਧਾਰ ‘ਤੇ ਹੀ ਮੁਆਵਜ਼ਾ ਕਾਰਵਾਈ ਲਾਗੂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਗਿਰਦਾਵਰੀ ਰਿਪੋਰਟ ਦੇ ਖਰੜੇ ਨੂੰ 7 ਦਿਨਾਂ ਲਈ ਜਨਤਕ ਤੌਰ ‘ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਤਾਂ ਜੋ ਪ੍ਰਭਾਵਿਤ ਕਿਸਾਨ ਆਪਣੇ ਸੁਝਾਅ ਅਤੇ ਇਤਰਾਜ਼ ਦਰਜ ਕਰਵਾ ਸਕਣ। ਪਟਵਾਰੀ ਇਨ੍ਹਾਂ ਇਤਰਾਜ਼ਾਂ ‘ਤੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਦੇਵੇਗਾ ਅਤੇ ਤਹਿਸੀਲਦਾਰ/ਨਾਇਬ ਤਹਿਸੀਲਦਾਰ ਅਗਲੇ ਤਿੰਨ ਦਿਨਾਂ ਵਿਚ ਸਮੀਖਿਆ ਕਰਨਗੇ ਅਤੇ ਫ਼ੈਸਲਾ ਲੈਣਗੇ। ਜੇਕਰ ਕਿਸੇ ਰਿਪੋਰਟ ਵਿਚ ਗੰਭੀਰ ਗ਼ਲਤੀਆਂ ਪਾਈਆਂ ਜਾਂਦੀਆਂ ਹਨ ਤਾਂ ਉਸ ਪਿੰਡ ਦੀ ਗਿਰਦਾਵਰੀ ਦੁਬਾਰਾ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁਆਵਜ਼ਾ ਦਰਾਂ ਵਿਚ ਵਾਧਾ ਕੀਤਾ ਹੈ। ਹੁਣ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ 26 ਤੋਂ 75 ਫੀਸਦੀ ਤੱਕ ਪ੍ਰਭਾਵਿਤ ਹੋਈਆਂ ਹਨ, ਉਨ੍ਹਾਂ ਨੂੰ ਪ੍ਰਤੀ ਏਕੜ 10,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜਿਨ੍ਹਾਂ ਕਿਸਾਨਾਂ ਨੂੰ 76 ਤੋਂ 100 ਫੀਸਦੀ ਤੱਕ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਜਿਨ੍ਹਾਂ ਪਿੰਡਾਂ ਜਾਂ ਧੁੱਸੀ ਖੇਤਰ ਦੇ ਅਧੀਨ ਆਉਣ ਵਾਲੇ 75 ਫੀਸਦੀ ਤੋਂ ਵੱਧ ਫ਼ਸਲ ਦਾ ਨੁਕਸਾਨ ਹੋਇਆ ਹੈ, ਉਥੇ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਵਿੱਚ ਡਿਪਟੀ ਕਮਿਸ਼ਨਰ, ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਮਾਲ ਅਫ਼ਸਰ, ਸਬੰਧਤ ਐਸ.ਡੀ.ਐਮ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਲ ਹੋਣਗੇ।
ਇਹ ਕਮੇਟੀ ਪ੍ਰਭਾਵਿਤ ਪਿੰਡਾਂ ਦੀ ਸੂਚੀ ਤਿਆਰ ਕਰੇਗੀ ਅਤੇ ਇੱਕ ਹਫ਼ਤੇ ਵਿੱਚ ਗਿਰਦਾਵਰੀ ਪੂਰੀ ਕਰੇਗੀ।ਆਸ਼ਿਕਾ ਜੈਨ ਨੇ ਕਿਹਾ ਕਿ ਪੂਰੀ ਪ੍ਰਕਿਰਿਆ 33 ਤੋਂ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਅੰਤਿਮ ਪ੍ਰਵਾਨਗੀ ਮਿਲਣ ਦੇ ਇੱਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡ ਦਿੱਤੀ ਜਾਵੇਗੀ। ਮੁਆਵਜ਼ਾ ਰਾਸ਼ੀ ਅੰਤਿਮ ਪ੍ਰਵਾਨਗੀ ਦੇ ਇੱਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਨੂੰ ਵੰਡ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਇਸ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਸਮੇਂ ਸਿਰ ਪੂਰਾ ਕਰਨਗੇ, ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣਾ ਹੱਕਦਾਰ ਮੁਆਵਜ਼ਾ ਪ੍ਰਾਪਤ ਕਰਨ ਵਿੱਚ ਦੇਰੀ ਨਾ ਹੋਵੇ।