ਜਲੰਧਰ, 31 ਅਕਤੂਬਰ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਅੱਜ ਐਸ.ਐਸ.ਪੀ. ਦਫ਼ਤਰ ਵਿਖੇ ਜਲੰਧਰ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨਾਲ ਜਿਣਸੀ ਅਪਰਾਧਾਂ ਤੋਂ ਬੱਚਿਆਂ ਨੂੰ ਬਚਾਉਣ ਲਈ ਪੋਕਸੋ ਐਕਟ ਤਹਿਤ ਦਰਜ ਹੋਏ ਕੇਸਾਂ ਦਾ ਜਾਇਜ਼ਾ ਲਿਆ।
ਐਸ.ਐਸ.ਪੀ.(ਦਿਹਾਤੀ) ਹਰਵਿੰਦਰ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਡੀ.ਸੀ.ਪੀ.ਓ. ਅਜੈ ਭਾਰਤੀ ਅਤੇ ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨਾਲ ਚੇਅਰਮੈਨ ਵਲੋਂ ਪੋਕਸੋ ਐਕਟ ਤਹਿਤ ਚੱਲ ਰਹੇ ਕੇਸਾਂ ਦਾ ਵਿਸਥਾਰ ਨਾਲ ਨਿਰੀਖਣ ਵੀ ਕੀਤਾ ਗਿਆ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵਾਲੇ ਕੇਸਾਂ ਵਿੱਚ ਤੁਰੰਤ ਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।
ਚੇਅਰਮੈਨ ਕੰਵਰਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੋਕਸੋ ਐਕਟ ਦੀਆਂ ਧਾਰਾਵਾਂ ਬਾਰੇ ਜਾਗਰੂਕ ਕਰਨ ਲਈ ਵਿਦਿਅਕ ਸੰਸਥਵਾਂ ਵਿੱਚ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਬੱਚਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਜਾਣੂੰ ਕਰਵਾਉਣ ਦੀ ਮਹੱਤਤਾ ਬਾਰੇ ਦੱਸਿਆ, ਤਾਂ ਜੋ ਬੱਚੇ ਇਸ ’ਤੇ ਬਿਨ੍ਹਾਂ ਕਿਸੇ ਝਿੱਜਕ ਤੋਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਦੱਸ ਸਕਣ।
ਇਸ ਮੌਕੇ ਚੇਅਰਮੈਨ ਨੇ ਜਿੱਥੇ ਪ੍ਰਭਾਵਿਤ ਬੱਚੇ ਦੇ ਪਰਿਵਾਰ ਨਾਲ ਗੱਲਬਾਤ ਕੀਤੀ, ਉੱਥੇ ਜਲੰਧਰ ਦਿਹਾਤੀ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਦਾ ਭਰੋਸਾ ਦਿੱਤਾ।
ਬੱਚਿਆਂ ਦੇ ਹੱਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਅਰਮੈਨ ਕੰਵਰਦੀਪ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਬਾਲ ਸੁਰੱਖਿਆ ਕਾਨੂੰਨਾਂ ਨੂੰ ਅਸਰਦਾਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸੂਬਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ।


