ਜਲੰਧਰ, 3 ਨਵੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ।ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਮੀਡੀਆ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਮਹਾਨ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 25 ਅਕਤੂਬਰ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਨਗਰਾਂ ਤੇ ਸ਼ਹਿਰਾਂ ਵਿੱਚ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਨਾਲ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲਾਈਟ ਐਂਡ ਸਾਊਂਡ ਸ਼ੋਅ ਵੀ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਪਹੁੰਚਣ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਲਾਈਟ ਐਂਡ ਸਾਊਂਡ ਸ਼ੋਅ ਵੀ ਇਸੇ ਲੜੀ ਤਹਿਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਾਰੀ ਗਿਣਤੀ ਵਿੱਚ ਸ਼ਰਧਾਪੂਰਵਕ ਇਸ ਮਹੱਤਵਪੂਰਣ ਧਾਰਮਿਕ ਸ਼ੋਅ ਦਾ ਹਿੱਸਾ ਬਣਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਜਲੰਧਰ ਸਮੇਤ ਪੰਜਾਬ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਗੁਰਦਾਸਪੁਰ ਤੋਂ 20 ਨਵੰਬਰ ਨੂੰ ਸ਼ੁਰੂ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਲਈ ਰਵਾਨਾ ਹੋਵੇਗਾ। 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ। ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਹੋਣਗੇ ਅਤੇ ਉਨ੍ਹਾਂ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵੀ ਮੌਜੂਦ ਸਨ।
Trending
- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ


