ਜਲੰਧਰ, 12 ਨਵੰਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 12 ਵਿਅਕਤੀਆਂ ਕਾਬੂ ਨੂੰ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ 9 ਮੁਕੱਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ 12 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਟੀਮ ਨੇ ਦੋ ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਹੋਰ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚੋਂ 27.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਪੁਲਿਸ ਵੱਲੋਂ ਇਨ੍ਹਾਂ ਗਤੀਵਿਧੀਆਂ ਦੇ ਪਿੱਛੇ ਚੱਲ ਰਹੇ ਸਪਲਾਈ ਨੈੱਟਵਰਕ ਦੀ ਪਛਾਣ ਕਰਨ ਅਤੇ ਇਸ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।


