ਜਲੰਧਰ, 22 ਨਵੰਬਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਨੂੰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹੇ ਵਿੱਚ ਪ੍ਰਵੇਸ਼ ਹੋਣ ਵਾਲਾ ਇਹ ਪਵਿੱਤਰ ਨਗਰ ਕੀਰਤਨ ਸ਼ਨੀਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਆਪਣਾ ਅਗਲਾ ਪੜਾਅ ਮੁੜ ਆਰੰਭ ਕਰਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।
ਵੱਡੀ ਗਿਣਤੀ ਸੰਗਤਾਂ ਸਤਿਕਾਰ ਭੇਟ ਕਰਨ ਲਈ ਸੜਕਾਂ ’ਤੇ ਕਤਾਰਾਂ ਬੰਨ੍ਹ ਕੇ ਖੜ੍ਹੀਆਂ ਸਨ। ਜਿਵੇਂ ਹੀ ਨਗਰ ਕੀਰਤਨ ਅੱਗੇ ਵਧਿਆ, ਸੰਗਤਾਂ ਵੱਲੋਂ ਨਤਮਸਤਕ ਹੁੰਦਿਆਂ ਸ਼ਰਧਾ ਭਾਵ ਨਾਲ ਸਵਾਗਤ ਕੀਤਾ ਗਿਆ। ਗੁਰਬਾਣੀ ਦੇ ਸ਼ਬਦ ਗਾਇਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ ਗਿਆ, ਜਿਸ ਨਾਲ ਸਮੁੱਚਾ ਮਾਹੌਲ ਧਾਰਮਿਕ ਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ ਗਿਆ।
ਪਵਿੱਤਰ ਨਗਰ ਕੀਰਤਨ ਵਿੱਚ ਵੱਖ-ਵੱਖ ਸ਼ਖਸੀਅਤਾਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ, ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਕਾਮਨਾ ਕਰਦਿਆਂ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਸੰਗਤਾਂ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਰਾਜ ਵਿਆਪੀ ਸਮਾਗਮਾਂ ਦੀ ਲੜੀ ਵਿੱਚ ਨਗਰ ਕੀਰਤਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ, ਡਰੋਨ ਸ਼ੋਅ, ਲਾਈਟ ਐਂਡ ਸਾਊਂਡ ਸ਼ੋਅ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਮਾਗਮ ਕਰਵਾਉਣ ਦਾ ਉਦੇਸ਼ ਗੁਰੂ ਸਾਹਿਬ ਜੀ ਦੇ ਸ਼ਾਂਤੀ ਅਤੇ ਵਿਸ਼ਵਵਿਆਪੀ ਭਾਈਚਾਰਕ ਸਾਂਝ ਦੇ ਸਦੀਵੀ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਫੈਲਾਉਣਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ ਗਈ, ਜੋ ਕਿ ਸਭ ਤਰ੍ਹਾਂ ਦੇ ਧਾਰਮਿਕ ਵਖਰੇਵਿਆਂ ਤੋਂ ਪਰੇ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਮਾਗਮਾਂ ਦੌਰਾਨ ਸੰਗਤ ਦੀ ਭਾਰੀ ਆਮਦ ਨੂੰ ਸੁਵਿਧਾਜਨਕ ਬਣਾਉਣ ਲਈ ਦੋ ਪ੍ਰਮੁੱਖ ਟੈਂਟ ਸਿਟੀਜ਼ ‘ਚੱਕ ਨਾਨਕੀ ਨਿਵਾਸ’ ਟੈਂਟ ਸਿਟੀ ਅਤੇ ‘ਭਾਈ ਮਤੀ ਦਾਸ ਨਿਵਾਸ’ ਟੈਂਟ ਸਿਟੀ ਸਥਾਪਤ ਕੀਤੀਆਂ ਗਈਆਂ ਹਨ, ਜਿਸ ਵਿੱਚ ਲਗਭਗ 10,000 ਸੰਗਤ ਦੇ ਠਹਿਰਣ ਦੀ ਵਿਵਸਥਾ ਕੀਤੀ ਗਈ ਹੈ।
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਸੇ ਦਿਨ ਮੁੱਖ ਪੰਡਾਲ ਬਾਬਾ ਬੁੱਢਾ ਦਲ ਛਾਉਣੀ ਵਿਖੇ ਸੂਬਾ ਸਰਕਾਰ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ।
24 ਨਵੰਬਰ ਨੂੰ ਹੋਰ ਮਹੱਤਵਪੂਰਣ ਸਮਾਗਮਾਂ ਤੋਂ ਇਲਾਵਾ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਰੋਜ਼ਾਨਾ ਡਰੋਨ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਰਧਾਪੂਰਵਕ ਵਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੱਤਾ।
ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਹਿੰਮਤ, ਦਇਆ ਅਤੇ ਨਿਰਸਵਾਰਥ ਸੇਵਾ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਪੂਰੀ ਮਰਿਆਦਾ ਨਾਲ ਨਗਰ ਕੀਰਤਨ ਵਿੱਚ ਸ਼ਿਰਕਤ ਕਰਨ ਲਈ ਸੰਗਤ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਪਵਿੱਤਰ ਨਗਰ ਕੀਰਤਨ ਸ਼ੁੱਕਰਵਾਰ ਦੀ ਰਾਤ ਨੂੰ ਕਪੂਰਥਲਾ ਤੋਂ ਕਰਤਾਰਪੁਰ ਹੁੰਦਾ ਹੋਇਆ ਜਲੰਧਰ ’ਚ ਦਾਖ਼ਲ ਹੋਇਆ, ਜਿਥੇ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਸੰਗਤ ਸਮੇਤ ਨਗਰ ਕੀਰਤਨ ਦਾ ਸਤਿਕਾਰ ਅਤੇ ਸ਼ਰਧਾ ਨਾਲ ਸਵਾਗਤ ਕੀਤਾ । ਇਸੇ ਤਰ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਮਕਸੂਦਾਂ ਚੌਕ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਗਈ। ਉਪਰੰਤ ਨਗਰ ਕੀਰਤਨ ਰਾਤ ਦੇ ਠਹਿਰਾਓ ਲਈ ਵਰਕਸ਼ਾਪ ਚੌਕ ਤੋਂ ਕਪੂਰਥਲਾ ਚੌਕ ਤੋਂ ਹੁੰਦਾ ਹੋਏ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਪਹੁੰਚਿਆ।


