ਜਲੰਧਰ, 10 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਦੇ ਕੈਂਪਸ ਵਿੱਚ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਹ ਦਿਨ ਵਿਸ਼ਵ ਭਰ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ 1948 ਵਿੱਚ ਮਨੁੱਖੀ ਅਧਿਕਾਰਾਂ ਦੇ ਵਿਸ਼ਵਵਿਆਪੀ ਐਲਾਨਨਾਮੇ (ਯੂ.ਡੀ.ਐਚ.ਆਰ.) ਨੂੰ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਟੀਮ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਹ ਦਿਨ ਮਨਾਉਣ ਦਾ ਮੁੱਖ ਉਦੇਸ਼ ਮਨੁੱਖੀ ਮੌਲਿਕ ਅਧਿਕਾਰਾਂ ਅਤੇ ਸਾਰਿਆਂ ਲਈ ਨਿਆਂ ਤੇ ਸਨਮਾਨ ਨੂੰ ਯਕੀਨੀ ਬਣਾਉਣ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣਾ ਸੀ।
ਇਹ ਸਮਾਗਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਨਿਰਭਉ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ। ਐਲ.ਡੀ. ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਹੁਲ ਕੁਮਾਰ ਆਜ਼ਾਦ ਨੇ ਇਸ ਮੌਕੇ ਵਿਦਿਆਰਥੀਆਂ ਦੀ ਜਾਣਕਾਰੀ ਲਈ ਕਰਵਾਏ ਸੈਸ਼ਨ ਵਿੱਚ ਯੂ.ਡੀ.ਐਚ.ਆਰ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਕਾਨੂੰਨੀ ਸਹਾਇਤਾ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੁਫਤ ਕਾਨੂੰਨੀ ਸੇਵਾਵਾਂ ਦੇ ਅਧਿਕਾਰ ਅਤੇ ਨਿਆਂ ਪ੍ਰਾਪਤ ਕਰਨ ਲਈ ਉਪਲਬਧ ਵਿਧੀ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਯਾਦ ਦਿਵਾਉਂਦਾ ਹੈ ਕਿ ਵਿਸ਼ਵਵਿਆਪੀ ਅਧਿਕਾਰਾਂ ਦੀ ਲੜਾਈ ਨਿਰੰਤਰ ਜਾਰੀ ਹੈ। ਮੈਰੀਟੋਰੀਅਸ ਸਕੂਲ ਵਿਖੇ ਇਹ ਸਮਾਗਮ ਸਾਡੇ ਨੌਜਵਾਨਾਂ, ਜੋ ਭਵਿੱਖ ਦੇ ਰਾਹ ਦਸੇਰੇ ਹਨ, ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਵੱਲ ਇੱਕ ਛੋਟਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ‘ਸਾਰਿਆਂ ਲਈ ਨਿਆਂ’ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਇੱਕ ਠੋਸ ਹਕੀਕਤ ਬਣੇ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987 ਰਾਹੀਂ ਸਮਾਜ ਦੇ ਯੋਗ ਵਰਗਾਂ ਨੂੰ ਮੁਫ਼ਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ, ਝਗੜਿਆਂ ਦੇ ਸੁਖਾਵੇਂ ਨਿਪਟਾਰੇ ਲਈ ਲੋਕ ਅਦਾਲਤਾਂ ਲਗਾਉਣ ਅਤੇ ਜ਼ਿਲ੍ਹੇ ਭਰ ਵਿੱਚ ਕਾਨੂੰਨੀ ਜਾਗਰੂਕਤਾ ਮੁਹਿੰਮਾਂ ਚਲਾਉਣ ਦਾ ਆਦੇਸ਼ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਨਸ਼ਾ ਮੁਕਤ ਪੰਜਾਬ ਵਿਸ਼ੇ ‘ਤੇ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਇੱਕ ਮਹੀਨੇ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਸਬੰਧ ਵਿੱਚ ਜ਼ਿਲ੍ਹੇ ਭਰ ਵਿੱਚ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ/ਰੈਲੀਆਂ ਕਰਵਾਈਆਂ ਜਾਣਗੀਆਂ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਜੋਸ਼ੀ, ਲੈਕਚਰਾਰ ਪ੍ਰਭਜੋਤ ਕੌਰ, ਵਾਰਡਨ ਸੁਖਵਿੰਦਰ ਸਿੰਘ, ਸਕੂਲ ਦੇ ਅਧਿਆਪਕ, ਸੀਨੀਅਰ ਸਹਾਇਕ ਜਗਨਨਾਥ ਅਤੇ ਸੁਖਪਾਲ ਵੀ ਮੌਜੂਦ ਸਨ।


