ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਗਿਣਤੀ ਕੇਂਦਰਾਂ ’ਚ ਪ੍ਰਬੰਧਾਂ ਦਾ ਜਾਇਜ਼ਾ, ਸੁਚੱਜੀ ਗਿਣਤੀ ਪ੍ਰਕਿਰਿਆ ’ਤੇ ਵੀ ਦਿੱਤਾ ਜ਼ੋਰਜਲੰਧਰ,16 ਦਸੰਬਰ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਗਿਣਤੀ ਕੇਂਦਰਾਂ ’ਤੇ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਿਆਂ ਸਬੰਧਿਤ ਰਿਟਰਨਿੰਗ ਅਫ਼ਸਰਾਂ ਨੂੰ ਸਮੁੱਚੀ ਪ੍ਰਕਿਰਿਆ ਨੂੰ ਤਰਤੀਬਵਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਦੀਆ ਹਦਾਇਤਾਂ ਕੀਤੀਆਂ। ਡਾ.ਅਗਰਵਾਲ ਨੇ ਜ਼ੋਰ ਦਿੱਤਾ ਕਿ ਗਿਣਤੀ ਅਮਲੇ, ਉਮੀਦਵਾਰਾਂ, ਉਹਨਾਂ ਦੇ ਅਧਿਕਾਰਤ ਨੁਮਾਇੰਦਿਆਂ ਅਤੇ ਅਧਿਕਾਰੀਆਂ ਦੇ ਦਾਖਲੇ ਅਤੇ ਬਾਹਰ ਜਾਣ ਲਈ ਬਣਦੀ ਪ੍ਰਕਿਰਿਆ ਨੂੰ ਅਪਣਾਇਆ ਜਾਵੇ। ਉਨ੍ਹਾਂ ਡਿਊਟੀ ’ਤੇ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ, ਨਿਰਪੱਖਤਾ ਅਤੇ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਬਣਾਏ ਗਏ 11 ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਆਦਮਪੁਰ ਲਈ ਸਕੂਲ ਆਫ਼ ਐਮੀਨੈਂਸ, ਬਲਾਕ ਭੋਗਪੁਰ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੋਹਾਰਾ ਚਾੜ੍ਹਕੇ ਰੋਡ ਭੋਗਪੁਰ, ਬਲਾਕ ਜਲੰਧਰ ਈਸਟ ਲਈ ਦੁਆਬਾ ਕਾਲਜ, ਜਲੰਧਰ ਵੈਸਟ ਲਈ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਕੈਂਟ ਰੋਡ, ਬਲਾਕ ਲੋਹੀਆਂ ਖਾਸ ਲਈ ਸਰਕਾਰੀ ਆਈ.ਟੀ.ਆਈ.ਲੋਹੀਆਂ ਖਾਸ,ਬਲਾਕ ਮਹਿਤਪੁਰ ਤੇ ਬਲਾਕ ਨਕੋਦਰ ਲਈ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, ਬਲਾਕ ਨੂਰਮਹਿਲ ਲਈ ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ, ਬਲਾਕ ਫਿਲੌਰ ਲਈ ਕਮਿਊਨਟੀ ਹਾਲ ਫਿਲੌਰ, ਬਲਾਕ ਰੁੜਕਾਂ ਕਲਾ ਲਈ ਗੁਰੂ ਨਾਨਕ ਖਾਲਸਾ ਕਾਲਜ ਸੰਗ ਢੇਸੀਆਂ ਅਤੇ ਬਲਾਕ ਸ਼ਾਹਕੋਟ ਲਈ ਸਰਕਾਰੀ ਆਰਟਸ ਕਾਲਜ, ਸ਼ਾਹਕੋਟ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।
ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਬਣਾਏ ਗਏ 11 ਸਟਰਾਂਗ ਰੂਮਾਂ ਵਿੱਚ ਬੈਲਟ ਪੇਪਰਾਂ ਦੀ ਸੁਰੱਖਿਆ ਲਹੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਿਣਤੀ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਸਟਰਾਂਗ ਰੂਮਾਂ ਨੂੰ ਹਾਈ ਲੈਵਲ ਸੁਰੱਖਿਆ ਘੇਰੇ ਵਿੱਚ ਰੱਖਿਆ ਗਿਆ ਹੈ। ——————-


