ਜ਼ਿਲ੍ਹੇ ‘ ਚ ਆਧਾਰ ਸੰਬੰਧੀ ਕੰਮਕਾਜ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਆਧਾਰ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ‘ਚ ਹਰੇਕ ਉਮਰ ਦੇ ਨਾਗਰਿਕਾਂ ਤੱਕ ਆਧਾਰ ਸੈਚੁਰੇਸ਼ਨ, ਖਾਸ ਕਰਕੇ 5 ਤੋਂ 15 ਸਾਲ ਦੇ ਬੱਚਿਆਂ ਲਈ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਆਧਾਰ ਸੇਵਾਵਾਂ ਨੂੰ ਹਰ ਨਿਵਾਸੀ ਤੱਕ ਪਹੁੰਚਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਬਹੁਤ ਜਰੂਰੀ ਹੈ ।ਉਹਨਾਂ ਦਸਤਾਵੇਜ਼ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਜਾਰੀ ਕੀਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਆਈਡੀਏਆਈ ਵੱਲੋਂ 100 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਦੀ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਸੰਬੰਧਤ ਵਿਅਕਤੀ ਜੀਵਿਤ ਹੈ ਜਾਂ ਨਹੀਂ। ਤਸਦੀਕ ਪੂਰੀ ਕਰਨ ਤੋਂ ਬਾਅਦ ਆਧਾਰ ਨੂੰ ਜੀਵਿਤ ਤਸਦੀਕਯੋਗ ਨਾ ਹੋਣ ਯੋਗ ਜਾਂ ਮ੍ਰਿਤਕ ਵਜੋਂ ਦਰਜ ਕੀਤਾ ਜਾਵੇਗਾ। ਮ੍ਰਿਤਕ ਪਾਏ ਜਾਣ ਦੀ ਸਥਿਤੀ ਵਿੱਚ, ਉਸ ਵਿਅਕਤੀ ਦਾ ਆਧਾਰ ਨੰਬਰ ਆਧਾਰ ਡਾਟਾਬੇਸ ਵਿੱਚੋਂ ਡੀਐਕਟੀਵੇਟ ਕਰ ਦਿੱਤਾ ਜਾਵੇਗਾ।
ਉਨ੍ਹਾਂ ਆਧਾਰ ਕੇਂਦਰਾਂ ਦੀ ਨਿਯਮਿਤ ਨਿਗਰਾਨੀ ਅਤੇ ਜਾਂਚ ਕਰਨ ਲਈ ਸੰਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ, ਤਾਂ ਜੋ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਆਵੇ।ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਵੱਖ-ਵੱਖ ਸੰਸਥਾਵਾਂ, ਦਿਵਿਆਂਗ ਵਿਅਕਤੀਆਂ ਲਈ ਕੇਂਦਰਾਂ, ਅਨਾਥ ਆਸ਼ਰਮਾਂ ਅਤੇ ਬਿਰਧ ਆਸ਼ਰਮਾਂ ਵਿੱਚ ਰਹਿੰਦੇ ਵਰਗਾਂ ਦੀ ਆਧਾਰ ਐਨਰੋਲਮੈਂਟ ਅਤੇ ਅੱਪਡੇਟ ਲਈ ਵਿਸ਼ੇਸ਼ ਆਧਾਰ ਕੈਂਪ ਲਗਾਉਣ ਦੇ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਪਟਿਆਲਾ ਵਾਸੀਆਂ ਨੂੰ ਆਪਣਾ ਆਧਾਰ ਅੱਪਡੇਟ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।


