ਜਲੰਧਰ, 2 ਜਨਵਰੀ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜਲੰਧਰ ਪ੍ਰੀਮੀਅਰ ਲੀਗ ਤਹਿਤ ਕਰਵਾਏ ਜਾ ਰਹੇ ਮੈਚਾਂ ਦੀ ਲੜੀ ਵਜੋਂ ਅੱਜ ਸੀ.ਟੀ. ਸ਼ਾਹਪੁਰ ਕੈਂਪਸ ਵਿਖੇ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਤੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦਰਮਿਆਨ ਕ੍ਰਿਕਟ ਦੇ ਮੈਚ ਕਰਵਾਏ ਗਏ।
ਇਸ ਮੌਕੇ ਸਹਾਇਕ ਕਮਿਸ਼ਨਰ(ਜਨਰਲ) ਰੋਹਿਤ ਜਿੰਦਲ ਅਤੇ ਮੁੱਖ ਮੰਤਰੀ ਫੀਲਡ ਅਫ਼ਸਰ ਨਵਦੀਪ ਸਿੰਘ ਵਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਥੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਚੜ੍ਹ ਕੇ ਮੱਲਾਂ ਮਾਰਨ ਲਈ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਸ਼ੁਰੂ ਕੀਤੀ ਗਈ ਜਲੰਧਰ ਪ੍ਰੀਮੀਅਰ ਲੀਗ (ਕ੍ਰਿਕਟ) ਦੀ ਨਿਵੇਕਲੀ ਪਹਿਲ ਨੂੰ ਖਿਡਾਰੀਆਂ, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਲਈ ਪੂਰੀ ਲਗਨ, ਮਿਹਨਤ ਤੇ ਖੇਡ ਭਾਵਨਾ ਨਾਲ ਵੱਖ-ਵੱਖ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸਕੱਤਰ ਸੁਰਜੀਤ ਲਾਲ ਅਤੇ ਸਪੋਰਟਸ ਡਾਇਰੈਕਟਰ ਸੀ.ਟੀ.ਗਰੁੱਪ ਸੱਤਪਾਲ ਵੀ ਮੌਜੂਦ ਸਨ। ਅੱਜ ਪੁਲਿਸ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਰਮਿਆਨ ਕਰਵਾਏ ਗਏ ਕ੍ਰਿਕਟ ਮੈਚ ਦੌਰਾਨ ਪੁਲਿਸ ਡੀਏਵੀ ਪਬਲਿਕ ਸਕੂਲ ਦੀ ਟੀਮ 7 ਦੌੜਾਂ ਨਾਲ ਜੇਤੂ ਰਹੀ। ਮੈਚ ਦੌਰਾਨ ਰਿਧੀਮਨ ਸ਼ਰਮਾ ਵੱਲੋਂ 38 ਦੌੜਾਂ ਦਾ ਯੋਗਦਾਨ ਪਾਇਆ ਗਿਆ। ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਟੀਮ 6 ਵਿਕਟਾਂ ਗਵਾ ਕੇ 131 ਦੌੜਾ ਬਣਾ ਸਕੀ। ਆਹਾਨ ਨੂੰ ਮੈਨ ਆਫ਼ ਦਾ ਮੈਚ ਘੋਸ਼ਿਤ ਕੀਤਾ ਗਿਆ


