ਲੁਧਿਆਣਾ, 05 ਜਨਵਰੀ – ਬਾਲ ਭਿੱਖਿਆ ਦੇ ਸੰਪੂਰਨ ਖਾਤਮੇ ਲਈ, ਜਿਲ੍ਹਾ ਟਾਸਕ ਫੋਰਸ, ਲੁਧਿਆਣਾ ਵੱਲੋਂ ਸਥਾਨਕ ਟਰਾਂਸਪੋਰਟ ਨਗਰ, ਜਮਾਲਪੁਰ ਚੌਂਕ, ਭਾਰਤ ਨਗਰ ਚੌਂਕ ਅਤੇ ਦੁਰਗਾ ਮਾਤਾ ਮੰਦਿਰ ਨੇੜੇ ਅਚਨਚੇਤ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਗਠਿਤ ਟੀਮ ਵੱਲੋਂ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ।
ਜਿਲ੍ਹਾ ਲੁਧਿਆਣਾ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਪ੍ਰਸਾਸ਼ਨ ਵੱਲੋ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਅੱਜ ਸੰਭਾਵੀ ਭੀਖ ਮੰਗਣ ਵਾਲੇ ਖੇਤਰਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚ ਟਰਾਂਸਪੋਰਟ ਨਗਰ, ਜਮਾਲਪੁਰ ਚੌਂਕ, ਭਾਰਤ ਨਗਰ ਚੌਂਕ, ਨੇੜੇ ਦੁਰਗਾ ਮਾਤਾ ਮੰਦਿਰ ਅਤੇ ਹੋਰ ਇਲਾਕੇ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਹੈ ਅਤੇ ਉਹਨਾਂ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਦਿਆਂ, ਬਾਲੜਾਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣਾ ਹੈ।
ਜ਼ਿਕਰਯੋਗ ਹੈ ਕਿ ਪ੍ਰੋਜੈਕਟ ਜੀਵਨਜੋਤ 2.0 ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਅਤੇ ਲੋਕ ਹਿਤੈਸ਼ੀ ਪਹਿਲ ਹੈ, ਜਿਸਦੀ ਅਗਵਾਈ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵੱਲੋ ਕੀਤੀ ਗਈ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭੀਖ ਮੰਗਣ ਅਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾਅ ਕੇ ਉਹਨਾਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨਾ ਹੈ ਅਤੇ ਉਹਨਾਂ ਦੇ ਭਵਿੱਖ ਨੂੰ ਸਵਾਰਨਾ ਹੈ।
ਇਸ ਚੈਕਿੰਗ ਦੌਰਾਨ ਸੰਦੀਪ ਸਿੰਘ, ਕਿਰਨ ਦੀਪ ਕੌਰ, ਮਨਪ੍ਰੀਤ ਸਿੰਘ ਅਤੇ ਪ੍ਰਭਜੋਤ ਕੌਰ ਵੀ ਮੌਜੂਦ ਸਨ।


