ਜਲੰਧਰ, 10 ਜਨਵਰੀ : ਸੂਬਾ ਸਰਕਾਰ ਦੀ ਪ੍ਰਮੁੱਖ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਮਾਡਲ ਹਾਊਸ ਇਲਾਕੇ ਵਿੱਚ ਜਾਗਰੂਕਤਾ ਮਾਰਚ ਦੀ ਅਗਵਾਈ ਕੀਤੀ, ਜਿਸ ਦੌਰਾਨ ਨਿਵਾਸੀਆਂ ਤੱਕ ਪਹੁੰਚ ਕਰਕੇ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦਾ ਸੰਦੇਸ਼ ਫੈਲਾਇਆ ਗਿਆ।
ਪਦਯਾਤਰਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਾਲ ਹੀ ਵਿੱਚ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਜਾ ਸਕੇ ਅਤੇ ਇਸ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਫੈਸਲਾਕੁੰਨ ਅਤੇ ਬਹੁ-ਪੱਖੀ ਜੰਗ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ, ਦੂਜੇ ਪੜਾਅ ਦੇ ਨਾਲ, ਇਹ ਲੜਾਈ ਇੱਕ ਲੋਕ ਲਹਿਰ ਬਣ ਗਈ ਹੈ।
ਫਗਵਾੜਾ ਵਿਖੇ ਇਸ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਹੀ ਕਿਹਾ ਹੈ ਕਿ ਪੰਜਾਬ ਨੇ ਦੇਸ਼ ਨੂੰ ਦਿਖਾਇਆ ਹੈ ਕਿ ਨਸ਼ਿਆਂ ਵਿਰੁੱਧ ਅਸਲ ਜੰਗ ਕਿਵੇਂ ਲੜੀ ਜਾਂਦੀ ਹੈ’, ਜਿਸ ਦੌਰਾਨ 28,000 ਕੇਸ ਦਰਜ ਕੀਤੇ ਗਏ ਹਨ ਅਤੇ 88 ਪ੍ਰਤੀਸ਼ਤ ਸਜ਼ਾ ਦਰ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਲਹਿਰ ਦੀ ਰੀੜ੍ਹ ਦੀ ਹੱਡੀ 1.50 ਲੱਖ ਵਿਲੇਜ ਡਿਫੈਂਸ ਕਮੇਟੀਆਂ ਦੇ ਵਲੰਟੀਅਰ ਹਨ, ਜੋ ਨਸ਼ਿਆਂ ਦੇ ਨੈੱਟਵਰਕ ਦੀ ਪਛਾਣ ਕਰਨ ਅਤੇ ਉਸ ਨੂੰ ਖਤਮ ਕਰਨ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇ ਰਹੇ ਹਨ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਵਧੇਰੇ ਸਫਲ ਹੋਵੇਗਾ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ 9899100002 ‘ਤੇ ਮਿਸਡ ਕਾਲ ਦੇਣ ਅਤੇ 10 ਤੋਂ 30 ਜਨਵਰੀ ਤੱਕ ਰਾਜ ਪੱਧਰੀ ਪੈਦਲ ਯਾਤਰਾਵਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਸ਼੍ਰੀ ਭਗਤ ਨੇ ਮਾਪਿਆਂ, ਨੌਜਵਾਨਾਂ ਅਤੇ ਸਮਾਜਿਕ ਸੰਗਠਨਾਂ ਨੂੰ ਪੰਜਾਬ ਲਈ ਨਸ਼ਾ ਮੁਕਤ ਅਤੇ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਲਈ ਇਸ ਇਤਿਹਾਸਕ ਲਹਿਰ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।


