ਲੁਧਿਆਣਾ, 16 ਜਨਵਰੀ:
ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਅਤੇ ਐਮ.ਪੀ ਲੈਂਡ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਸ਼ੁੱਕਰਵਾਰ ਨੂੰ ਬੱਚਤ ਭਵਨ ਲੁਧਿਆਣਾ ਵਿਖੇ ਦਿਸ਼ਾ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਕੁਲਪ੍ਰੀਤ ਸਿੰਘ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਪੂਨਮਪ੍ਰੀਤ ਕੌਰ, ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ, ਉਪ ਮੰਡਲ ਮੈਜਿਸਟਰੇਟ ਜਗਰਾਓਂ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸਰਤਾਜ ਸਿੰਘ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਦੇ ਪ੍ਰੋਜੈਕਟ ਡਾਇਰੈਕਟਰ ਪ੍ਰਿੰਅਕਾ ਮੀਨਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਸ ਮੀਟਿੰਗ ਵਿੱਚ ਵੱਖ-ਵੱਖ ਕੇਂਦਰੀ ਸਕੀਮਾਂ ਜਿਵੇਂ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ), ਦੀਨ ਦਿਆਲ ਅੰਨਤੋਦਿਆ ਯੋਜਨਾ, ਦੀਨ ਦਿਆਲ ਉਪਾਧਿਆ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ-ਡੇ ਮੀਲ ਸਕੀਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਉਜਵਲ ਯੋਜਨਾ ਆਦਿ ਦਾ ਰੀਵਿਊ ਕੀਤਾ ਗਿਆ।
ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਦੇ ਲੁਧਿਆਣਾ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ। ਐਨ.ਐਚ.ਏ.ਆਈ ਦੇ ਪ੍ਰੋਜੈਕਟ ਡਾਇਰੈਕਟਰ ਪ੍ਰਿਅੰਕਾ ਮੀਨਾ ਨੇ ਸੰਸਦ ਮੈਂਬਰ ਨੂੰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਕਰੋੜ ਰੁਪਏ ਦੀ ਲਾਗਤ ਨਾਲ 2 ਅੰਡਰ ਪਾਸ ਮਨਜ਼ੂਰ ਹੋਏ ਹਨ। ਇਹ ਅੰਡਰ ਪਾਸ ਐਨ.ਐਚ-44 ਤੇ ਇੱਕ ਕਲਾਸ਼ ਨਗਰ ਲੁਧਿਆਣਾ ਅਤੇ ਇੱਕ ਜੱਸੀਆ ਰੋਡ ਲੁਧਿਆਣਾ ਤੇ ਬਣ ਰਹੇ ਹਨ, ਇਹਨਾਂ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 16 ਕਰੋੜ ਰੁਪਏ ਦੀ ਲਾਗਤ ਨਾਲ 4 ਸਟੀਲ ਬ੍ਰਿਜ ਸਿੱਧਵਾਂ ਕਨਾਲ ਤੇ ਬਣ ਰਹੇ ਹਨ, ਜਿਨਾਂ ਵਿੱਚੋਂ 3 ਬ੍ਰਿਜ ਮੁਕੰਮਲ ਹੋ ਚੁੱਕੇ ਹਨ ਅਤੇ ਜਲਦ ਹੀ ਰਹਿੰਦਾ ਬ੍ਰਿਜ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਲੁਧਿਆਣਾ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਸਾਈਕਲ ਟਰੈਕ ਬਣ ਰਿਹਾ ਹੈ ਜੋ ਕਿ ਜੂਨ 2026 ਤੱਕ ਮੁਕੰਮਲ ਹੋ ਜਾਵੇਗਾ। ਉਹਨਾਂ ਦੱਸਿਆ ਕਿ 900 ਕਰੋੜ ਰੁਪਏ ਦੀ ਲਾਗਤ ਨਾਲ ਸਾਊਥ ਲੁਧਿਆਣਾ ਬਾਈਪਾਸ ਜਲਦ ਹੀ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਲੰਬਾਈ 25 ਕਿਲੋਮੀਟਰ ਹੈ ਜਿਹੜਾ ਕਿ ਦਿੱਲੀ ਕਟੜਾ ਅਤੇ ਐਨ.ਐਚ-44 ਨੂੰ ਜੋੜੇਗਾ।
ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਲੁਧਿਆਣਾ ਵਿੱਚ ‘ਮਗਨਰੇਗਾ’ ਅਧੀਨ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਕੰਮਾਂ ਸਬੰਧੀ ਸਮੀਖਿਆ ਕੀਤੀ। ਜ਼ਿਲ੍ਹਾ ਨੋਡਲ ਅਫਸਰ, ਮਗਨਰੇਗਾ ਲੁਧਿਆਣਾ ਸੋਨੀਆ ਸ਼ਰਮਾ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਮਗਨਰੇਗਾ ਅਧੀਨ ਜ਼ਿਲ੍ਹਾ ਲੁਧਿਆਣਾ ਵਿੱਚ ਸਾਲ 2025-26 ਅਧੀਨ ਹੁਣ ਤੱਕ 62 ਕਰੋੜ, 36 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਮਗਨਰੇਗਾ ਅਧੀਨ 2 ਲੱਖ, 47 ਹਜ਼ਾਰ, 966 ਦਿਹਾੜੀਆਂ ਜਨਰੇਟ ਕੀਤੀਆਂ ਗਈਆਂ ਹਨ ਅਤੇ 787 ਘਰਾਂ ਨੇ 100 ਦਿਨ ਦਾ ਰੋਜ਼ਗਾਰ ਪ੍ਰਾਪਤ ਕਰ ਲਿਆ ਹੈ। ਇਸ ਸਕੀਮ ਅਧੀਨ ਹੁਣ ਤੱਕ 1 ਲੱਖ, 15 ਹਜ਼ਾਰ ਘਰਾਂ ਨੂੰ ਜੌਬ ਕਾਰਡ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮਗਨਰੇਗਾ ਅਧੀਨ ਇਸ ਸਾਲ ਜ਼ਿਲ੍ਹਾ ਲੁਧਿਆਣਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਬਹੁਤ ਸਾਰੇ ਜੰਗਲ/ਬੂਟੇ ਵੀ ਲਗਾਏ ਗਏ ਹਨ। ਸੰਸਦ ਮੈਂਬਰ ਨੇ ਅਧਿਕਾਰੀ ਨੂੰ ਕਿਹਾ ਕਿ ਮਗਨਰੇਗਾ ਸਕੀਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੀ ਸਖਤ ਲੋੜ ਹੈ ਕਿਉਂਕਿ ਅਕੁਸ਼ਲ ਕਾਮਿਆਂ ਲਈ ਇਹ ਸਕੀਮ ਲਾਹੇਵੰਦ ਸਾਬਤ ਹੁੰਦੀ ਹੈ ਅਤੇ ਇਨ੍ਹਾਂ ਕਾਮਿਆਂ ਨੂੰ ਰੋਜ਼ਗਾਰ ਦੀ ਸਖ਼ਤ ਜਰੂਰਤ ਵੀ ਹੁੰਦੀ ਹੈ।
ਸੰਸਦ ਮੈਂਬਰ ਰਾਜਾ ਵੜਿੰਗ ਨੇ ਸਮਾਰਟ ਸਿਟੀ ਅਧੀਨ ਚੱਲ ਕੰਮਾਂ ਅਤੇ ਬੁੱਢਾ ਦਰਿਆ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਰਿਵਿਊ ਕੀਤਾ। ਸਮਾਰਟ ਸਿਟੀ ਅਤੇ ਬੁੱਢਾ ਦਰਿਆ ਦੇ ਕੰਮਾਂ ਸਬੰਧੀ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੇ ਸੰਸਦ ਮੈਂਬਰ ਨੂੰ ਵਿਸਥਾਰ ਪੂਰਵਕ ਜਾਣਕਾਰੀ ਮੁਹਈਆ ਕਰਵਾਈ।
ਪ੍ਰਧਾਨ ਮੰਤਰੀ ਉਜਵਲ ਯੋਜਨਾ ਸਬੰਧੀ ਵੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਿਵਿਊ ਕੀਤਾ। ਇਸ ਤੋਂ ਇਲਾਵਾ ਸੰਸਦ ਮੈਂਬਰਾਂ ਨੇ ਹੋਰ ਵੀ ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਕੇਂਦਰੀ ਸਕੀਮਾਂ ਦੀ ਸਮੀਖਿਆ ਵੀ ਕੀਤੀ।
ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਰਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਵੀ ਕਿਹਾ।
ਉਨ੍ਹਾਂ ਸੰਸਦ ਮੈਂਬਰ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਦੀ ਵਰਤੋਂ ਵਿੱਚ ਮਾਨਵੀ ਅਤੇ ਲੋਕ-ਕੇਂਦਰਿਤ ਦ੍ਰਿਸ਼ਟੀਕੋਣ ਅਪਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟਾਂ ਸਮਾਂ-ਬੱਧ, ਪਾਰਦਰਸ਼ੀ ਅਤੇ ਇਮਾਨਦਾਰਾਨਾ ਢੰਗ ਨਾਲ ਵਰਤੀਆਂ ਜਾਣ ਤਾਂ ਜੋ ਲੋਕਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਲੋਕ ਸਭਾ ਮੈਂਬਰਾਂ ਵੱਲੋਂ ਅਧਿਕਾਰੀਆਂ ਨੂੰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਭੇਜਣ ਦੀ ਹਦਾਇਤ ਵੀ ਕੀਤੀ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਲੋਕ ਸਭਾ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ। ਉਹਨਾਂ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਸਕੀਮਾਂ ਤਹਿਤ ਪੈਡਿੰਗ ਪਏ ਵਿਕਾਸ ਕਾਰਜਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਪੂਰਾ ਕਰਕੇ ਰਿਪੋਰਟ ਦਫ਼ਤਰ ਨੂੰ ਪੇਸ਼ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।
ਮੀਟਿੰਗ ਦੇ ਅੰਤ ਵਿੱਚ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਵਿੱਚ ਕੀਤੇ ਗਏ ਬਦਲਾਅ ਦੇ ਵਿਰੋਧ ਵਿੱਚ ਇੱਕ ਮਤਾ ਕੇਂਦਰ ਸਰਕਾਰ ਨੂੰ ਭੇਜਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਦਿੱਤਾ ਗਿਆ।


