ਖੰਨਾ, ਲੁਧਿਆਣਾ 16 ਜਨਵਰੀ:
ਖੰਨਾ ਪੁਲਿਸ ਜ਼ਿਲ੍ਹੇ ਵਿੱਚ ਅਦਾਲਤੀ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਕੇਸਾਂ ਦੀ ਸਮੇਂ-ਸਿਰ ਪੈਰਵੀ ਯਕੀਨੀ ਬਣਾਉਣ ਲਈ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਐਸ.ਪੀ (ਡੀ) ਪਵਨਜੀਤ ਚੌਧਰੀ, ਡੀ.ਐਸ.ਪੀ (ਡੀ) ਮੋਹਿਤ ਸਿੰਗਲਾ, ਪੈਰਵੀ ਸੈੱਲ ਦੇ ਇੰਚਾਰਜ, ਸਾਰੇ ਸਹਾਇਕ ਐਮਐਚਸੀ ਅਤੇ ਨਾਇਬ ਅਦਾਲਤਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸੰਮਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਮੇਂ-ਸਿਰ ਅਤੇ ਨਿਯਮਾਂ ਅਨੁਸਾਰ ਪੂਰਾ ਕਰਨ ‘ਤੇ ਖ਼ਾਸ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਮਨਾਂ ਦੀ ਡਿਲਿਵਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਅਦਾਲਤੀ ਕਾਰਵਾਈ ਨੂੰ ਪ੍ਰਭਾਵਿਤ ਕਰਦੀ ਹੈ, ਜਿਸ ਨਾਲ ਕੇਸਾਂ ਵਿੱਚ ਦੇਰੀ ਹੁੰਦੀ ਹੈ। ਇਸ ਲਈ ਹਰ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਏ।
ਐੱਸ.ਐੱਸ.ਪੀ ਨੇ ਪੀ.ਓ ਵਜੋਂ ਘੋਸ਼ਿਤ ਮੁਲਜ਼ਮਾਂ ਦਾ ਸਹੀ ਅਤੇ ਅਪਡੇਟ ਰਿਕਾਰਡ ਤਿਆਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੀਓ ਮਾਮਲਿਆਂ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਫੀਲਡ ਯੂਨਿਟਾਂ ਨਾਲ ਪੂਰਾ ਤਾਲਮੇਲ ਬਣਾਇਆ ਜਾਵੇ।
ਮੀਟਿੰਗ ਵਿੱਚ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਕਿ ਪੈਰਵੀ ਸੈੱਲ ਅਤੇ ਅਦਾਲਤੀ ਅਮਲਾ ਫੀਲਡ ਯੂਨਿਟਾਂ ਨੂੰ ਕਿਸੇ ਵੀ ਕਿਸਮ ਦੀ ਲੋੜੀਂਦੀ ਜਾਣਕਾਰੀ ਤੁਰੰਤ ਉਪਲਬਧ ਕਰਵਾਉਣ। ਇਸ ਨਾਲ ਕੇਸਾਂ ਦੀ ਜਾਂਚ ਅਤੇ ਅਦਾਲਤੀ ਪੇਸ਼ੀ ਨੂੰ ਮਜ਼ਬੂਤੀ ਮਿਲੇਗੀ।
ਅੰਤ ਵਿੱਚ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਪੁਲਿਸ ਅਤੇ ਅਦਾਲਤਾਂ ਦੇ ਆਪਸੀ ਸਹਿਯੋਗ ਨਾਲ ਹੀ ਨਿਆਂ ਪ੍ਰਣਾਲੀ ਮਜ਼ਬੂਤ ਹੁੰਦੀ ਹੈ ਅਤੇ ਖੰਨਾ ਪੁਲਿਸ ਇਸ ਦਿਸ਼ਾ ਵਿੱਚ ਪੂਰੀ ਗੰਭੀਰਤਾ ਨਾਲ ਕੰਮ ਕਰੇਗੀ।


