ਜਲੰਧਰ, 10 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਬਤੌਰ ਇੰਟਰਨ ਸ਼ਾਮਲ ਕੀਤੇ ਗਏ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਇੰਟਰਨਸ ਨਾਲ ਰੂ-ਬਰੂ ਗੱਲਬਾਤ ਕਰਦਿਆਂ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਹਾਸਲ ਕੀਤੇ ਤਜ਼ੁਰਬਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਇੰਟਰਨਸ ਵੱਲੋਂ ਪੇਸ਼ ਕੀਤੇ ਗਏ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ।
ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਇੰਟਰਨਸ਼ਿਪ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੀਆਂ ਆਫ਼ਲਾਈਨ ਤੇ ਆਨਲਾਈਨ ਮੀਟਿੰਗਾਂ ਵਿੱਚ ਸ਼ਾਮਲ ਕਰਨ ਲਈ ਵੀ ਕਿਹਾ ਤਾਂ ਜੋ ਉਹ ਵਿਭਾਗਾਂ ਦੀ ਕਾਰਜਸ਼ੈਲੀ ਨੂੰ ਨੇੜਿਓਂ ਦੇਖ ਤੇ ਸਮਝ ਸਕਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਆਪਣੇ ਸੁਝਾਅ ਦੇ ਸਕਣ।
ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਮੇਂ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਤੀਜਾ ਬੈਚ ਚੱਲ ਰਿਹਾ ਹੈ। ਇਸ ਤੋਂ ਪਹਿਲਾਂ 2 ਬੈਚ ਮੁਕੰਮਲ ਹੋ ਚੁੱਕੇ ਹਨ। ਪਹਿਲੇ ਬੈਚ ਵਿਚ 60 ਅਤੇ ਦੂਜੇ ਬੈਚ ਵਿੱਚ 40 ਵਿਦਿਆਰਥੀਆਂ ਨੇ ਭਾਗ ਲਿਆ ਸੀ। ਉਨ੍ਹਾਂ ਕਿਹਾ ਕਿ ਇੰਟਰਨਸ਼ਿਪ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਗਿਆਨ ਤੇ ਕੌਸ਼ਲ ਵਿੱਚ ਵਾਧਾ ਕਰਨਾ ਵੀ ਹੈ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਅਲਾਟ ਕੀਤੇ ਵਿਭਾਗਾਂ ਵਿੱਚ ਪੂਰੀ ਲਗਨ ਤੇ ਮਿਹਨਤ ਨਾਲ ਸਿੱਖਣ ਲਈ ਉਤਸ਼ਾਹਿਤ ਕੀਤਾ।
ਜ਼ਿਕਰਯੋਗ ਹੈ ਕਿ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਵੱਖ-ਵੱਖ ਕਾਲਜਾਂ/ਯੂਨੀਵਰਸਿਟੀਆਂ ਦੇ ਕਰੀਬ 60 ਵਿਦਿਆਰਥੀਆਂ ਨੂੰ ਅਲੱਗ-ਅਲੱਗ ਸਰਕਾਰੀ ਵਿਭਾਗਾਂ ਵਿੱਚ 3 ਮਹੀਨੇ ਲਈ ਬਤੌਰ ਇੰਟਰਨ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਤੋਂ ਇਲਾਵਾ ਇੰਟਰਨਸ ਅਤੇ ਬਿਊਰੋ ਦਾ ਸਟਾਫ਼ ਵੀ ਮੌਜੂਦ ਸੀ।


