ਖੰਨਾ, ਲੁਧਿਆਣਾ, 14 ਫਰਵਰੀ:
ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਦਿਨਾਂ ਦੌਰਾਨ ਇੱਕ ਨਵੀਂ, ਇਨਕਲਾਬੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀ ਤਹਿਤ ਖੰਨਾ ਸ਼ਹਿਰ ਦੇ ਸਭ ਤੋਂ ਵੱਡੇ ਨਸ਼ਾ ਤਸਕਰੀ ਦੇ ਹੋਟ ਸਪੋਟ ਮੀਟ ਮਾਰਕੀਟ ਇਲਾਕੇ ਨੂੰ ਗੋਦ ਲਿਆ ਗਿਆ ਸੀ ਤਾਂ ਜੋ ਇੱਥੇ ਰਹਿੰਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜ ਕੇ ਪੂਰੀ ਤਰ੍ਹਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਆਦੇਸ਼ ਅਨੁਸਾਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਮੀਟ ਮਾਰਕੀਟ ਖੰਨਾ ਦੇ ਇਲਾਕੇ ਵਿੱਚ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਨੂੰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਮੀਟ ਮਾਰਕੀਟ ਇਲਾਕੇ ਦੇ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਸਾਫ਼-ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਇਸ ਇਲਾਕੇ ਦੇ ਹਰੇਕ ਪਰਿਵਾਰ ਦਾ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਣਾਏ ਗਏ ਹਨ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਇਸ ਇਲਾਕੇ ਦੇ ਲੋਕਾਂ ਦਾ ਚੈੱਕਅੱਪ ਕਰਕੇ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਵੱਖ-ਵੱਖ ਸਬੰਧਤ ਇਸ ਇਲਾਕੇ ਦੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਗਿਆ।
ਸਵਾਤੀ ਟਿਵਾਣਾ ਨੇ ਦੱਸਿਆ ਕਿ ਘਰਾਂ ਵਿੱਚ ਸਾਫ ਸਫਾਈ ਦੀ ਮੁਹਿੰਮ ਚਲਾਈ ਗਈ। ਘਰ-ਘਰ ਡਸਟਬਿਨ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਨੂੰ ਫੜ ਕੇ ਨਸਬੰਦੀ ਕਰਨ ਲਈ ਲਿਜਾਇਆ ਜਾ ਰਿਹਾ ਹੈ। ਮੀਟ ਮਾਰਕੀਟ ਖੰਨਾ ਵਿਚਲੇ ਟੋਭੇ ਦੀ ਸਾਫ਼-ਸਫ਼ਾਈ ਕਰਵਾ ਕੇ ਇਸ ਨੂੰ ਇੱਕ ਪਾਰਕ ਵਿੱਚ ਤਬਦੀਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਅਤੇ ਨਗਰ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨਾਲ ਮੀਟ ਮਾਰਕੀਟ ਖੰਨਾ ਦੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾਵੇ ਅਤੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹਨਾਂ ਲੋਕਾਂ ਨੂੰ ਸਮਾਜ ਪ੍ਰਤੀ ਜਿੰਮੇਵਾਰੀਆਂ ਲਈ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਜਦੋਂ ਤੋਂ ਪ੍ਰਸ਼ਾਸਨ ਵੱਲੋਂ ਇਸ ਇਲਾਕੇ ਨੂੰ ਗੋਦ ਲਿਆ ਗਿਆ ਹੈ ਉਦੋਂ ਤੋਂ ਹੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਥੋਂ ਦੇ ਵਸਨੀਕਾ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਐਸ.ਡੀ.ਐਮ ਖੰਨਾ ਨੇ ਦੱਸਿਆ ਕਿ ਇਹ ਪਹਿਲ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਆਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ ਕਿਉਂਕਿ ਮੀਟ ਮਾਰਕੀਟ ਦਾ ਇਹ ਇਲਾਕਾ ਵਿਕਾਸ ਪੱਖੋਂ, ਜਾਗਰੂਕਤਾ ਪੱਖੋਂ ਪੱਛੜਿਆ ਹੋਇਆ ਹੈ। ਸੋ ਇਸ ਦੇ ਵਿਕਾਸ ਲਈ ਸਰਕਾਰੀ ਸਹੂਲਤਾਂ ਨੂੰ ਇਹਨਾਂ ਲੋਕਾਂ ਦੇ ਘਰ-ਘਰ ਪਹੁੰਚਾਉਣ ਦਾ ਟੀਚਾ ਹੈ। ਸਭ ਤੋਂ ਪਹਿਲਾਂ ਕੰਮ ਸਾਫ-ਸਫਾਈ ਦਾ ਸ਼ੁਰੂ ਕੀਤਾ ਗਿਆ ਹੈ। ਜਿੱਥੇ ਲੋਕ ਕੂੜਾ ਕਰਕਟ ਸੁੱਟਦੇ ਸਨ ਉਨ੍ਹਾਂ ਥਾਵਾਂ ਨੂੰ ਸਾਫ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਨਾਲ ਮਿਲ ਕੇ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਕਿ ਇਸ ਇਲਾਕੇ ਦੇ ਕਿੰਨੇ ਬੱਚੇ ਸਕੂਲਾਂ ਵਿੱਚ ਦਾਖਲ ਹਨ, ਕਿੰਨੇ ਦਾਖਲ ਨਹੀਂ ਹਨ ਅਤੇ ਕਿੰਨੇ ਸਕੂਲ ਵਿੱਚ ਦਾਖਲ ਹੋਣ ਵਾਲੇ ਹਨ ਤਾਂ ਜੋ ਪੜ੍ਹਾਈ ਤੋਂ ਵਾਂਝੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਰਾ ਨਿੱਜੀ ਮੰਨਣਾ ਹੈ ਕਿ ਪੜ੍ਹਾਈ ਕਰਕੇ ਹੀ ਬੰਦਾ ਸਮਾਜ ਵਿੱਚ ਅੱਗੇ ਵਧ ਸਕਦਾ ਹੈ ਸੋ ਵਿਦਿਆ ਗ੍ਰਹਿਣ ਕਰਨਾ ਸਭ ਦਾ ਸਮਾਨ ਅਧਿਕਾਰ ਹੈ। ਸੋ ਸਾਡਾ ਤਿੰਨ ਚੀਜ਼ਾਂ ‘ਤੇ ਫੋਕਸ ਹੈ ਕਿ ਇੱਥੇ ਸਾਫ ਸਫਾਈ ਹੋਵੇ, ਵਿਦਿਆ ਦਾ ਪ੍ਰਸਾਰ ਹੋਵੇ, ਨੌਜਵਾਨ ਬੱਚੇ ਗਲਤ ਸੰਗਤ ਵਿੱਚ ਨਾ ਪੈਣ ਅਤੇ ਆਪਣੀ ਜ਼ਿੰਦਗੀ ਵਧੀਆ ਢੰਗ ਨਾਲ ਗੁਜਾਰ ਸਕਣ।
ਸਵਾਤੀ ਟਿਵਾਣਾ ਨੇ ਮੀਟ ਮਾਰਕੀਟ ਖੰਨਾ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦਾ ਸਾਥ ਦੇਵੋ। ਉਨ੍ਹਾਂ ਕਿਹਾ ਕਿ ਸਾਡਾ ਧਿਆਨ ਇਸੇ ਗੱਲ ਉੱਤੇ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੁੱਖ ਸਹੂਲਤਾਂ ਤੁਹਾਨੂੰ ਪ੍ਰਦਾਨ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਇੱਥੇ ਰਹਿੰਦੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਅਤੇ ਨਸ਼ੇ ਦੀ ਵਰਤੋਂ ਪੂਰੀ ਤਰ੍ਹਾਂ ਛੱਡ ਦੇਣ। ਉਨ੍ਹਾਂ ਕਿਹਾ ਕਿ ਇਹ ਇਲਾਕਾ ਹੁਣ ਤੱਕ ਕਾਫ਼ੀ ਬਦਨਾਮੀ ਦਾ ਸ਼ਿਕਾਰ ਹੋ ਚੁੱਕਿਆ ਹੈ, ਪਰ ਹੁਣ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਇਸ ਦਾਗ ਨੂੰ ਮਿਟਾ ਕੇ ਇੱਥੇ ਦੇ ਲੋਕਾਂ ਦਾ ਜੀਵਨ ਸੰਵਾਰਿਆ ਜਾਵੇ। ਇਸੀ ਮਕਸਦ ਨਾਲ ਇਸ ਇਲਾਕੇ ਨੂੰ ਗੋਦ ਲਿਆ ਗਿਆ ਹੈ।
ਉਨ੍ਹਾਂ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਸੈਲਫ ਹੈਲਪ ਗਰੁੱਪ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਗਰਾਂਟ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ ਸਕਣ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇਗੀ, ਇਸਨੂੰ ਹਰਾ-ਭਰਾ ਬਣਾਇਆ ਜਾਵੇਗਾ, ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ ਕਰਵਾਏ ਜਾਣਗੇ ਅਤੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਜਾਂ ਹੋਰ ਕਿੱਤਿਆਂ ਨਾਲ ਜੋੜਿਆ ਜਾਵੇਗਾ। ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਹ ਇਲਾਕਾ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਵਿਕਸਿਤ ਬਣ ਸਕੇ। ਐਸ.ਡੀ.ਐਮ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਇਸ ਕੰਮ ਲਈ ਹਰ ਸੰਭਵ ਮਦਦ ਕਰੇਗਾ।
ਇਸ ਭਾਵੁਕ ਮੌਕੇ ’ਤੇ ਇਲਾਕੇ ਦੀਆਂ ਔਰਤਾਂ ਨੇ ਇੱਕ ਸੁਰ ਵਿੱਚ ਐਸ.ਡੀ.ਐਮ ਖੰਨਾ ਸਵਾਤੀ ਟਿਵਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਇਮਾਨਦਾਰ, ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਅਫ਼ਸਰ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਖੰਨਾ ਵਿੱਚ ਅਜਿਹੇ ਅਫ਼ਸਰ ਕਦੇ ਨਹੀਂ ਵੇਖੇ ਗਏ ਜੋ ਦੂਜਿਆਂ ਦੇ ਪਰਿਵਾਰਾਂ ਦੀ ਇੰਨੀ ਫਿਕਰ ਕਰਦੇ ਹੋਣ। ਇਹ ਗੁਣ ਸਿਰਫ਼ ਐਸ.ਡੀ.ਐਮ ਵਿੱਚ ਹੀ ਵੇਖਣ ਨੂੰ ਮਿਲਦੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਸਾਰਿਆਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ।
ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਡੀ.ਐਸ.ਪੀ ਵਿਨੋਦ ਕੁਮਾਰ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ। ਸਭ ਨੇ ਮਿਲ ਕੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਅਤੇ ਖੰਨਾ ਨੂੰ ਮਾਡਲ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦਾ ਦ੍ਰਿੜ੍ਹ ਨਿਸ਼ਚਾ ਪ੍ਰਗਟਾਇਆ। ਨਿਸ਼ਚਿਤ ਤੌਰ ’ਤੇ ਇਹ ਪਹਿਲ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ।


