ਜਲੰਧਰ, 14 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ, ਨੂੰ ਯਾਦ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਅਤੇ 17 ਰਾਹੀਂ ਦਿੱਤੇ ਗਏ ਮੌਲਿਕ ਅਧਿਕਾਰ ਜਾਤੀ, ਧਰਮ, ਨਸਲ, ਜਨਮ ਸਥਾਨ ਅਤੇ ਲਿੰਗ ਦੇ ਵਿਤਕਰੇ ਨੂੰ ਖ਼ਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਇਸੇ ਅਨੁਸਾਰ ਕੰਮ ਕਰ ਰਿਹਾ ਹੈ।
ਸ਼੍ਰੀ ਗੜ੍ਹੀ ਨੇ ਇਸ ਮੌਕੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕਰਦਿਆਂ ਸੰਵਿਧਾਨ ਵਿੱਚ ਦਰਜ ਉਨ੍ਹਾਂ ਦੇ ਹੱਕਾਂ ਅਤੇ ਫਰਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ, ਸਤਿਗੁਰੂ ਕਬੀਰ ਜੀ ਅਤੇ ਆਪਸੀ ਪ੍ਰੇਮ, ਭਾਈਚਾਰੇ ਅਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੀਆਂ ਹੋਰ ਵੱਖ-ਵੱਖ ਮਹਾਨ ਸ਼ਖਸੀਅਤਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਦਿਆਂ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਊਚ-ਨੀਚ ਤੋਂ ਉੱਪਰ ਉੱਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਵਿਚਾਰਾਂ ਨੂੰ ਅਪਨਾਉਣ ਦਾ ਸੱਦਾ ਵੀ ਦਿੱਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਕਮਜ਼ੋਰ ਵਰਗ ਸਮੇਤ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿੱਚ ਕ੍ਰਾਂਤੀ ਲਿਆ ਕੇ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਆਮ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਇਸ ਮੌਕੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਨਾਲ ਨਾਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਸ ਪਹਿਲਾਂ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਸ਼੍ਰੀ ਗੜ੍ਹੀ ਨੇ ਇਥੇ ਬਣਾਏ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਲਈ ਜ਼ਮੀਨ ਦਾ ਕਾਰਜ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਜਿਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਦਇਆ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ ਉਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ਵਿੱਚ ਇਤਿਹਾਸਕ ਅਤੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ।
ਮੁਸ਼ਕਲਾਂ ਸੁਣਨ ਦੌਰਾਨ ਬਰਾਰ ਮੰਡਲ ਜਲੰਧਰ ਦੇ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਤੇ ਸੂਬਾਈ ਮੁਲਾਜ਼ਮ ਆਗੂ ਸੁਖਜੀਤ ਸਿੰਘ, ਸਮਾਜ ਸੇਵੀ ਅਰਵਿੰਦ ਸ਼ਰਮਾ, ਪ੍ਰੋ. ਅਕਸ਼ੈ ਆਦਿ ਵੀ ਮੌਜੂਦ ਸਨ।
Trending
- ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ
- ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ
- 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
- ਜਨਗਣਨਾ-2027 ਲਈ ਤਿੰਨ-ਰੋਜ਼ਾ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ ਸਮਾਪਤ
- ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼
- ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ


