ਜਲੰਧਰ, 16 ਫਰਵਰੀ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਰੈੱਡ ਕਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉਪ ਮੰਡਲ ਮੈਜਿਸਟ੍ਰੇਟ ਆਦਮਪੁਰ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਨ ਵਿੱਚ ਐਸ.ਡੀ.ਐਮ. ਨੇ ਕਿਹਾ ਕਿ ਬਜ਼ੁਰਗ ਸਾਡਾ ਕੀਮਤੀ ਸਰਮਾਇਆ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਮਕਸਦ ਬਜ਼ੁਰਗਾਂ ਨੂੰ ਸੌਖੀਆਂ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਦੇਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਜ਼ੁਰਗਾਂ ਨੂੰ ਮੈਡੀਕਲ ਚੈੱਕਅਪ, ਪੈਨਸ਼ਨ ਫਾਰਮ, ਮੁਫ਼ਤ ਕਾਨੂੰਨੀ ਸੇਵਾਵਾਂ, ਡਿਜੀਟਲ ਤੇ ਵਿੱਤੀ ਸਾਖ਼ਰਤਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਸਹੂਲਤ ਇਕੋ ਛੱਤ ਹੇਠ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ 16 ਮਾਰਚ 2026 ਤੱਕ ਵੱਖ-ਵੱਖ ਥਾਈਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਬਜ਼ੁਰਗਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਨਾਲ ਹੀ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਂਢ-ਗੁਆਂਢ ਵਿੱਚ ਰਹਿੰਦੇ ਬਜ਼ੁਰਗਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਲੈ ਸਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਜੀਵਨ ਬਤੀਤ ਕਰ ਸਕਣ।ਸਮਾਗਮ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੁਲ ਕੁਮਾਰ ਵੱਲੋਂ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੀਡ ਬੈਂਕ ਮੈਨੇਜਰ ਐਮ.ਐਸ. ਮੋਤੀ ਨੇ ਡਿਜੀਟਲ ਧੋਖਾਧੜੀ ਤੋਂ ਬਚਣ ਲਈ ਬਜ਼ੁਰਗਾਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਜਿਥੇ ਪਿੰਡ ਕਰਾੜੀ ਦੇ 95 ਸਾਲਾ ਬਜ਼ੁਰਗ ਮੁਨਸ਼ੀ ਰਾਮ ਵੱਲੋਂ ਤੂੰਬੀ ਨਾਲ ਪੇਸ਼ਕਾਰੀ ਦਿੱਤੀ ਗਈ ਉਥੇ ਐਚ.ਐਮ.ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਨੁੱਕੜ ਨਾਟਕ ਰਾਹੀਂ ਬਜ਼ੁਰਗਾਂ ਦੀ ਸਮਾਜ ਅਤੇ ਸਾਡੀ ਜ਼ਿੰਦਗੀ ਵਿੱਚ ਅਹਿਮੀਅਤ ’ਤੇ ਚਾਨਣਾ ਪਾਇਆ। ਰੈੱਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸੱਭਿਆਚਾਰਕ ਵੰਨਗੀ ਪੇਸ਼ ਕੀਤੀ ਗਈ। ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਬੁਢਾਪੇ ਨਾਲ ਸਬੰਧਤ ਬੀਮਾਰੀਆਂ, ਕੰਨਾਂ, ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਕੈਂਪ ਵਿੱਚ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵੀ ਕੀਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਟਾਲ ਲਾ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਸੈਲਫ਼ ਹੈਲਪ ਗਰੁੱਪਾਂ ਵੱਲੋਂ ਤਿਆਰ ਸਮਾਨ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਪਹਿਲਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਵੱਲੋਂ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਮਾਗਮ ਵਿੱਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਵੀ ਮੌਜੂਦ ਸਨ।ਮੰਚ ਸੰਚਾਲਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਵੱਲੋਂ ਕੀਤਾ ਗਿਆ। ਇਸ ਮੌਕੇ ਐਡਵੋਕੇਟ ਮੁਸਕਾਨ ਸ਼ਰਮਾ, ਸੁਪਰਡੰਟ ਕੰਚਨ ਸ਼ਰਮਾ, ਇੰਦਰਜੀਤ ਕੌਰ, ਅਸ਼ੋਕ ਸਹੋਤਾ, ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਬਜ਼ੁਰਗ ਸ਼ਾਮਲ ਸਨ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


