ਖੰਨਾ, ਲੁਧਿਆਣਾ 17 ਫਰਵਰੀ:ਪੰਜਾਬ ਨੂੰ ਅਪਰਾਧ ਅਤੇ ਗੈਂਗਸਟਰਵਾਦ ਤੋਂ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਨੇ ਵੱਡੀ ਪੱਧਰ ‘ਤੇ ਮੁਹਿੰਮ ਛੇੜ ਦਿੱਤੀ ਹੈ। ਇਸ ਸਬੰਧੀ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਲੋਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਦ੍ਰਿੜ੍ਹ ਸੰਕਲਪਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਕੋਲ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਜਾਂ ਕਿਸੇ ਵੀ ਕਿਸਮ ਦੀ ਅਪਰਾਧਿਕ ਗਤੀਵਿਧੀ ਨਾਲ ਸਬੰਧਤ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤੌਰ ‘ਤੇ ਸਾਂਝੀ ਕਰ ਸਕਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਸਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।ਐਸ.ਐਸ.ਪੀ ਨੇ ਦੱਸਿਆ ਕਿ ਗੈਂਗਸਟਰਾਂ ਦੀ ਗ੍ਰਿਫਤਾਰੀ ਲਈ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਦਾ ਇਨਾਮ ਵੀ ਰੱਖਿਆ ਗਿਆ ਹੈ, ਤਾਂ ਜੋ ਲੋਕ ਬਿਨਾਂ ਹਿਚਕਚਾਹਟ ਦੇ ਅੱਗੇ ਆ ਕੇ ਅਪਰਾਧ ਦੇ ਖ਼ਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਖ਼ਿਲਾਫ਼ ਇਹ ਮੁਹਿੰਮ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਨੇ ਗੈਂਗਸਟਰਵਾਦ ਖ਼ਿਲਾਫ਼ ਕਈ ਵੱਡੀਆਂ ਕਾਰਵਾਈਆਂ ਕਰਦਿਆਂ ਕਈ ਖ਼ਤਰਨਾਕ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਦੇ ਨੈੱਟਵਰਕ ਤੋੜੇ ਹਨ ਅਤੇ ਗੈਰਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਪਰ ਗੈਂਗਸਟਰਾਂ ਦੀ ਜੜ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਲੋਕਾਂ ਦੀ ਜਾਣਕਾਰੀ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ।ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਨਾਗਰਿਕ ਪੁਲਿਸ ਨਾਲ ਸਹਿਯੋਗ ਕਰਦਾ ਹੈ, ਤਾਂ ਅਪਰਾਧੀਆਂ ਦੇ ਹੌਂਸਲੇ ਆਪੇ ਹੀ ਟੁੱਟ ਜਾਂਦੇ ਹਨ। ਸਮਾਜ ਵਿੱਚ ਡਰ ਦਾ ਮਾਹੌਲ ਖਤਮ ਹੋਣਾ ਅਤੇ ਅਮਨ-ਸ਼ਾਂਤੀ ਕਾਇਮ ਰਹਿਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਖ਼ਾਸ ਕਰਕੇ ਨੌਜਵਾਨਾਂ ਨੂੰ ਅਪਰਾਧਿਕ ਤੱਤਾਂ ਤੋਂ ਦੂਰ ਰਹਿਣ ਅਤੇ ਗਲਤ ਰਸਤੇ ‘ਤੇ ਜਾਣ ਵਾਲਿਆਂ ਨੂੰ ਸਹੀ ਰਸਤਾ ਦਿਖਾਉਣ ਲਈ ਸਮਾਜਿਕ ਜਾਗਰੂਕਤਾ ਵੀ ਲਾਜ਼ਮੀ ਹੈ।ਐਸ.ਐਸ.ਪੀ ਖੰਨਾ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਅਪਰਾਧ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਪੁਲਿਸ ਨਾਲ ਮਿਲ ਕੇ ਪੰਜਾਬ ਨੂੰ ਸੁਰੱਖਿਅਤ, ਅਮਨ-ਸ਼ਾਂਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ “ਇਕੱਠੇ ਮਿਲ ਕੇ ਹੀ ਅਸੀਂ ਪੰਜਾਬ ਨੂੰ ਸੁਰੱਖਿਅਤ ਬਣਾ ਸਕਦੇ ਹਾਂ।”ਡਾ. ਦਰਪਣ ਆਹਲੂਵਾਲੀਆ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਹਰ ਸੂਚਨਾ ‘ਤੇ ਤੁਰੰਤ ਕਾਰਵਾਈ ਕਰੇਗੀ ਅਤੇ ਕਿਸੇ ਵੀ ਕੀਮਤ ‘ਤੇ ਅਪਰਾਧੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਵਿਆਪਕ ਮੁਹਿੰਮ ਨਾਲ ਸੂਬੇ ਵਿੱਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਆਮ ਲੋਕ ਖੁਦ ਨੂੰ ਹੋਰ ਸੁਰੱਖਿਅਤ ਮਹਿਸੂਸ ਕਰਨਗੇ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


