ਖੰਨਾ / ਲੁਧਿਆਣਾ 25 ਫਰਵਰੀ
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਖੰਨਾ ਦੇ ਦੁਸਹਿਰਾ ਗਰਾਊਂਡ ਵਿਖੇ 21 ਫਰਵਰੀ ਤੋਂ 2 ਮਾਰਚ ਤੱਕ ਆਯੋਜਿਤ ਕੀਤੇ ਜਾ ਰਹੇ ਪੰਜਾਬ ਸਖੀ ਸ਼ਕਤੀ ਮੇਲਾ 2026 ਦੇ ਪੰਜਵੇਂ ਦਿਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀਸੀ ਦੀ ਮੌਜੂਦਗੀ ਨਾਲ ਮੇਲੇ ਦੀ ਰੌਣਕ ਹੋਰ ਵੀ ਵੱਧ ਗਈ ਅਤੇ ਲੋਕਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਡਿਪਟੀ ਕਮਿਸ਼ਨਰ ਨੇ ਮੇਲੇ ਦਾ ਪੂਰੀ ਤਰ੍ਹਾਂ ਆਨੰਦ ਮਾਣਦੇ ਹੋਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ, ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਸਿੱਧਾ ਫੀਡਬੈਕ ਵੀ ਲਿਆ।
ਮੇਲੇ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਭ ਤੋਂ ਪਹਿਲਾਂ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਏ ਸਟਾਲਾਂ ‘ਤੇ ਜਾ ਕੇ ਉਥੇ ਤਿਆਰ ਕੀਤੇ ਸਮਾਨ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਹੱਥੋਂ ਬਣੇ ਕੱਪੜੇ, ਫੁਲਕਾਰੀ, ਸਜਾਵਟੀ ਸਮਾਨ, ਘਰੇਲੂ ਖਾਣ-ਪੀਣ ਦੀਆਂ ਵਸਤਾਂ ਅਤੇ ਹਸਤ-ਸ਼ਿਲਪ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੇਲੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਬਹੁਤ ਵੱਡਾ ਕਦਮ ਹਨ। ਉਨ੍ਹਾਂ ਨੇ ਮਹਿਲਾਵਾਂ ਤੋਂ ਮੇਲੇ ਸਬੰਧੀ ਉਨ੍ਹਾਂ ਦੇ ਤਜਰਬੇ ਅਤੇ ਵਿਕਰੀ ਬਾਰੇ ਫੀਡਬੈਕ ਲਿਆ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਸਿਰਫ਼ ਪ੍ਰਬੰਧਾਂ ਦਾ ਨਿਰੀਖਣ ਹੀ ਨਹੀਂ ਕੀਤਾ, ਸਗੋਂ ਮੇਲੇ ਦੀ ਰੌਣਕ ਦਾ ਪੂਰਾ ਆਨੰਦ ਵੀ ਮਾਣਿਆ। ਉਨ੍ਹਾਂ ਨੇ ਗੋਲ ਗੱਪੇ ਅਤੇ ਚਾਟ ਦਾ ਸੁਆਦ ਲਿਆ, ਕਈ ਪ੍ਰਕਾਰ ਦੀਆਂ ਖੇਡਾਂ ਖੇਡ ਕੇ ਮਨੋਰੰਜਨ ਕੀਤਾ ਅਤੇ ਰਵਾਇਤੀ ਕੁਸ਼ਤੀ ਤੇ ਹੋਰ ਲੋਕ ਖੇਡਾਂ ਦੇ ਮੁਕਾਬਲੇ ਵੇਖ ਕੇ ਖੂਬ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਸਾਡੀ ਵਿਰਾਸਤ ਅਤੇ ਰਵਾਇਤੀ ਖੇਡਾਂ ਨੂੰ ਜਿਉਂਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਉਪ ਮੰਡਲ ਮਜਿਸਟ੍ਰੇਟ ਖੰਨਾ ਮੈਡਮ ਸਵਾਤੀ ਟਿਵਾਣਾ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਸਡੀਐਮ ਸਵਾਤੀ ਟਿਵਾਣਾ ਦੀ ਸੁਚੱਜੀ ਅਗਵਾਈ ਹੇਠ ਮੇਲੇ ਦੀ ਯੋਜਨਾ ਬੱਧ ਤਰੀਕੇ ਨਾਲ ਤਿਆਰੀ ਕੀਤੀ ਗਈ ਹੈ, ਜਿਸ ਕਾਰਨ ਹਰ ਪੱਧਰ ‘ਤੇ ਸਹੂਲਤਾਂ ਉਪਲਬਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧ, ਸਫ਼ਾਈ, ਪਾਰਕਿੰਗ, ਪੀਣ ਵਾਲਾ ਪਾਣੀ ਅਤੇ ਹੋਰ ਸਹੂਲਤਾਂ ਬੇਹੱਦ ਵਧੀਆ ਢੰਗ ਨਾਲ ਸੰਭਾਲੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਮੇਲਿਆਂ ਵਿੱਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਇਹ ਮੇਲੇ ਸਿਰਫ਼ ਮਨੋਰੰਜਨ ਲਈ ਹੀ ਨਹੀਂ, ਸਗੋਂ ਸਾਡੇ ਅਮੀਰ ਸੱਭਿਆਚਾਰ ਨੂੰ ਜਿਉਂਦਾ ਰੱਖਣ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਦੀ ਵਿਕਰੀ ਲਈ ਵੱਡਾ ਮੰਚ ਪ੍ਰਦਾਨ ਕਰਨ ਲਈ ਆਯੋਜਿਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣਾ ਹੈ।
ਐਸਡੀਐਮ ਖੰਨਾ ਮੈਡਮ ਸਵਾਤੀ ਟਿਵਾਣਾ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਵਿਧਾ ਅਤੇ ਮਨੋਰੰਜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੇਲੇ ਨੂੰ ਹੋਰ ਆਕਰਸ਼ਕ ਬਣਾਉਣ ਲਈ ਕਈ ਖਾਸ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਕੁੱਲ ਮਿਲਾ ਕੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦਾ ਇਹ ਦੌਰਾ ਪੰਜਾਬ ਸਖੀ ਸ਼ਕਤੀ ਮੇਲਾ 2026 ਲਈ ਇੱਕ ਵੱਡਾ ਹੌਂਸਲਾ ਬਣਿਆ। ਇਸ ਨਾਲ ਨਾ ਸਿਰਫ਼ ਪ੍ਰਬੰਧਕ ਟੀਮ ਦਾ ਮਨੋਬਲ ਵਧਿਆ ਹੈ, ਸਗੋਂ ਸੈਲਫ ਹੈਲਪ ਗਰੁੱਪਾਂ ਅਤੇ ਆਮ ਲੋਕਾਂ ਵਿੱਚ ਵੀ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੌੜ ਗਈ ਹੈ।`
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਡਾ. ਨਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਉਪ ਮੰਡਲ ਮੈਜਿਸਟਰੇਟ ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਉਪ ਮੰਡਲ ਮੈਜਿਸਟ੍ਰੇਟ ਰਾਏਕੋਟ ਸ੍ਰੀਮਤੀ ਪਾਇਲ ਗੋਇਲ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।


