ਜਲੰਧਰ, 28 ਫਰਵਰੀ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਮੌਕੇ ’ਤੇ 8 ਮਾਰਚ 2026 ਨੂੰ ‘ਦੌੜ ਜਲੰਧਰ’ ਹਾਫ਼ ਮੈਰਾਥਨ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ 21 ਕਿਲੋਮੀਟਰ (ਓਪਨ), 5 ਕਿਲੋਮੀਟਰ (ਓਪਨ) ਅਤੇ 5 ਕਿਲੋਮੀਟਰ (ਵੈਟਰਨ) ਤਿੰਨ ਸ਼੍ਰੇਣੀਆਂ ਵਿੱਚ ਹੋਵੇਗੀ। ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ।
ਡਾ. ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਅਧਿਕਾਰੀਆਂ ਨੂੰ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਐਂਬੂਲੈਂਸ, ਮੈਡੀਕਲ ਟੀਮਾਂ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਸੁਰੱਖਿਆ ਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਹਾਫ਼ ਮੈਰਾਥਨ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਵੱਧ ਤੋਂ ਵੱਧ ਆਮ ਲੋਕਾਂ ਦੀ ਸ਼ਮੂਲੀਅਤ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਨਸ਼ਿਆਂ ਖਿਲਾਫ਼ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ। ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਮੈਰਾਥਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਉਪਰਾਲਾ ਸਿੱਧ ਹੋਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 10 ਲੜਕੀਆਂ/ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 21 ਕਿਲੋਮੀਟਰ (ਓਪਨ) ਹਾਫ਼ ਮੈਰਾਥਨ ਸ਼੍ਰੇਣੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, 5 ਕਿਲੋਮੀਟਰ (ਓਪਨ) ਵਿੱਚ 16 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ ਅਤੇ ਅਤੇ 5 ਕਿਲੋਮੀਟਰ (ਵੈਟਰਨ) ਸ਼੍ਰੇਣੀ ਵਿੱਚ 50 ਸਾਲ ਵੱਧ ਉਮਰ ਦੇ ਮਹਿਲਾ ਤੇ ਪੁਰਸ਼ ਭਾਗ ਲੈ ਸਕਦੇ ਹਨ। ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
5 ਕਿਲੋਮੀਟਰ ਰਨ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ ਤੋਂ ਮੁੜ ਕੇ ਵਾਪਸ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ। ਜਦਕਿ 21 ਕਿਲੋਮੀਟਰ ਹਾਫ਼ ਮੈਰਾਥਨ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ, ਜਲੰਧਰ ਹਾਈਟਸ-2, ਜਲੰਧਰ ਹਾਈਟਸ-1, ਕਿਊਰੋ ਮਾਲ, ਕਿਡਨੀ ਹਸਪਤਾਲ, ਆਇਕਾਨਿਕ ਮਾਲ, ਚੁਨਮੁਨ ਮਾਲ ਤੋਂ ਵਾਪਸ ਇਸੇ ਰੂਟ ਤੋਂ ਹੁੰਦੇ ਹੋਏ ਮੁੜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ‘ਦੌੜ ਜਲੰਧਰ’, ਜੋ ਕਿ ਸੀ.ਟੀ. ਗਰੁੱਪ ਦੀ 17ਵੀਂ ਸੀ ਟੀ ਹਾਫ਼ ਮੈਰਾਥਨ ਵੀ ਹੈ, ਵਿੱਚ ਵਧ-ਚੜ੍ਹ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਿਆਂ ਖਿਲਾਫ਼ ਜੰਗ ਜਿੱਤੀ ਜਾ ਸਕਦੀ ਹੈ। ਭਾਗ ਲੈਣ ਦੇ ਚਾਹਵਾਨ https://cthalfmarathon.in/register ਲਿੰਕ ‘ਤੇ ਰਜਿਸਟਰ ਕਰ ਸਕਦੇ ਹਨ।
ਸੀ.ਟੀ. ਗਰੁੱਪ ਦੇ ਐਮ.ਡੀ. ਮਨਬੀਰ ਸਿੰਘ ਨੇ ਹਾਫ਼ ਮੈਰਾਥਨ ਨੂੰ ਸਫਲ ਬਣਾਉਣ ਲਈ ਸੰਸਥਾ ਵੱਲੋਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਵੱਡੀ ਗਿਣਤੀ ਵਿੱਚ ਮੈਰਾਥਨ ਵਿੱਚ ਭਾਗ ਲੈਣਗੇ ਅਤੇ ਭਾਗੀਦਾਰਾਂ ਦੀ ਸਹੂਲਤ ਲਈ ਵਲੰਟੀਅਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ., ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ. ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਹੁਦੇਦਾਰ ਵੀ ਮੌਜੂਦ ਸਨ।


