ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ।ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।ਮੰਤਰੀ ਨੇ ਵਿੱਤੀ ਸਾਲ 2026-27 ਦੌਰਾਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਲਾਗੂ ਕਰਨ ਲਈ ਪ੍ਰਸਤਾਵਿਤ 1500 ਕਰੋੜ ਰੁਪਏ ਦੇ ਬਜਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਘਰਾਂ ਨੂੰ ਉਜਰਤ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ–ਨਾਲ ਰੁਜ਼ਗਾਰ ਪੈਦਾ ਕਰਨ ਅਤੇ ਪਿੰਡਾਂ ਵਿੱਚ ਟਿਕਾਊ ਅਸਾਸਿਆਂ ਦੀ ਸਿਰਜਣਾ ਵਿੱਚ ਮਦਦ ਦੇਣ ਲਈ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।ਸੌਂਦ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਸ ਯੋਜਨਾ ਤਹਿਤ ਲਗਭਗ 1100 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪੇਂਡੂ ਕਾਮਿਆਂ ਲਈ ਲਗਭਗ 223 ਲੱਖ ਦਿਹਾੜੀਆਂ ਦਾ ਰੁਜ਼ਗਾਰ ਦਿੱਤਾ ਗਿਆ । ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਢੁਕਵੇਂ ਬਜਟ ਪ੍ਰਬੰਧਾਂ ਨਾਲ ਕੰਮਾਂ ਦੀ ਨਿਰੰਤਰਤਾ, ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਅਤੇ ਪੇਂਡੂ ਆਬਾਦੀ ਨੂੰ ਨਿਰੰਤਰ ਉਜਰਤ ਸਹਾਇਤਾ ਯਕੀਨੀ ਬਣਾਈ ਜਾਵੇਗੀ। ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਪੇਂਡੂ ਰਿਹਾਇਸ਼ ਲਈ ਅਲਾਟਮੈਂਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਕਾਫ਼ੀ ਤੇਜ਼ੀ ਲਿਆਂਦੀ ਹੈ ਅਤੇ ਮੌਜੂਦਾ ਸਾਲ ਦੌਰਾਨ ਲਗਭਗ 76000 ਪਰਿਵਾਰਾਂ ਨੂੰ ਰਿਹਾਇਸ਼ ਸਹਾਇਤਾ ਦਿੱਤੀ ਗਈ ਹੈ, ਜਿਸ ਵਿੱਚ ਲਗਭਗ 30000 ਹੜ੍ਹ ਪ੍ਰਭਾਵਿਤ ਪਰਿਵਾਰ ਵੀ ਸ਼ਾਮਲ ਹਨ।ਸੌਂਦ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਇੱਕ ਲੱਖ ਹੋਰ ਘਰਾਂ ਦਾ ਪ੍ਰਸਤਾਵ ਹੈ, ਜਿਸ ਲਈ 800 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਉੱਦਮ ਤਹਿਤ ਪੰਜਾਬ ਦੇ ਹਜ਼ਾਰਾਂ ਪੇਂਡੂ ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਏ ਜਾਣਗੇ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਖੇਤਰ ਵਿੱਚ ਕੀਤੇ ਗਏ ਐਲਾਨਾਂ ਦਾ ਸਵਾਗਤ ਕਰਦਿਆਂ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸ਼ੁਰੂਆਤੀ ਜਸ਼ਨ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰੀ ਕੰਪਲੈਕਸ, ਜੋ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਜੋਂ ਜਾਣਿਆ ਜਾਂਦਾ ਹੈ, ਵਿਖੇ ਹੋਣਗੇ ਅਤੇ ਇਸ ਤੋਂ ਇਲਾਵਾ ਸਮਾਨਤਾ, ਸਦਭਾਵਨਾ, ਸ਼ਰਧਾ ’ਤੇ ਅਧਾਰਤ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਸਨਮਾਨ ਵਜੋਂ ਸਾਰਾ ਸਾਲ ਸੂਬੇ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਯਾਦਗਾਰੀ ਸਮਾਗਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਮੰਤਰੀ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਜਿਸਦਾ ਉਦੇਸ਼ ਪੰਜਾਬ ਦੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨਾ ਹੈ। ਇਸ ਯੋਜਨਾ ਤਹਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਲਈ ਮੁਫਤ ਅਤੇ ਪੂਰੀ ਤਰ੍ਹਾਂ ਸਹਾਇਤਾ ਪ੍ਰਾਪਤ ਤੀਰਥ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2026-27 ਲਈ ਲਗਭਗ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ 312 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਮੁੜ ਧੰਨਵਾਦ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਇਹ ਬਜਟ ਉਪਬੰਧ ਸਪੱਸ਼ਟ ਤੌਰ ’ਤੇ ਪੰਜਾਬ ਸਰਕਾਰ ਦੀ ਸਰਵਪੱਖੀ ਵਿਕਾਸ, ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਦੀ ਗਵਾਹੀ ਭਰਦੇ ਹਨ ਅਤੇ ਨਾਲ ਹੀ ਪੰਜਾਬ ਦੀ ਅਧਿਆਤਮਿਕ ਅਤੇ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਹੁਲਾਰਾ ਦਿੰਦੇ ਹਨ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


