ਲੁਧਿਆਣਾ, 23 ਜੂਨ: ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ਿਖਾ ਭਗਤ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦੇ ਦੂਜੇ ਪੜਾਅ ਸਬੰਧੀ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਅਤੇ ਚੋਣ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿ ਉਹ ਵਿਧਾਨ ਸਭਾ ਹਲਕਾ ਪੱਧਰ ‘ਤੇ ਬੀ.ਐਲ.ਏ.-1 ਅਤੇ ਬੂਥ ਪੱਧਰ ‘ਤੇ ਬੀ.ਐਲ.ਏ.-2 ਦੀ ਨਿਯੁਕਤੀ ਜਲਦੀ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਜਾਣਕਾਰੀ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਉਪਲਬੱਧ ਕਰਵਾਉਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੀ.ਐਲ.ਏ.-1 ਅਤੇ ਬੀ.ਐਲ.ਏ.-2 ਸਬੰਧਤ ਚੋਣ ਅਫ਼ਸਰਾਂ ਵੱਲੋਂ ਬੁਲਾਈਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦੇ ਸਫਲ ਸੰਚਾਲਨ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।ਸ਼ਿਖਾ ਭਗਤ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ (ਐਨਯੂਮੇਰੇਸ਼ਨ ਫਾਰਮ) ਭਰਵਾਉਣਗੇ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਨੂੰ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀ, ਉੱਥੇ ਨਵੇਂ ਪੋਲਿੰਗ ਸਟੇਸ਼ਨ ਬਣਾਉਣ ਲਈ ਪ੍ਰਸਤਾਵ ਤਿਆਰ ਕਰਕੇ ਕਮਿਸ਼ਨ ਨੂੰ ਭੇਜੇ ਜਾਣਗੇ।ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਲੁਧਿਆਣਾ ਰਾਜਨ ਢੱਲ, ਆਮ ਆਦਮੀ ਪਾਰਟੀ ਤੋਂ ਰਾਕੇਸ਼ ਕੁਮਾਰ ਸ਼ਰਮਾ, ਭਾਰਤੀ ਜਨਤਾ ਪਾਰਟੀ ਤੋਂ ਕੇ.ਜੀ ਸ਼ਰਮਾ, ਗੁਰਦੀਪ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਪਿਲ ਮੇਹਤਾ, ਸ਼੍ਰੋਮਣੀ ਅਕਾਲੀ ਦਲ ਤੋਂ ਅਮਿਤ, ਬਹੁਜਨ ਸਮਾਜ ਪਾਰਟੀ ਤੋਂ ਨਿਰਮਲ ਸਿੰਘ ਅਤੇ ਪਰਗਟ ਬਿਲਗਾ ਮੌਜੂਦ ਸਨ।

Share.
Leave A Reply