ਜਲੰਧਰ, 6 ਅਗਸਤ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਨਾਲ ਬੇਸਹਾਰਾ ਪਸ਼ੂਧਨ ਦੀ ਸਾਂਭ-ਸੰਭਾਲ ਵਿੱਚ ਲੱਗੀਆਂ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ।

ਇਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਉਪ ਚੇਅਰਮੈਨ ਕੀਮਤੀ ਭਗਤ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 152 ਹੋਰ ਗਊਸ਼ਾਲਾਵਾਂ ਨੂੰ ਇਸ ਦਾਇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਗਿਣਤੀ 518 ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੇਸਹਾਰਾ ਪਸ਼ੂਧਨ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਦਾ ਬੋਝ ਹਟਣ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਜਿਸ ਸਦਕਾ ਕਮਿਸ਼ਨ ਦੀ ਇਸ ਮੁਹਿੰਮ ਨੂੰ ਹੋਰ ਬਲ ਮਿਲੇਗਾ ਅਤੇ ਬੇਸਹਾਰਾ ਗਊਆਂ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

ਉਪ ਚੇਅਰਮੈਨ ਨੇ ਦੱਸਿਆ ਕਿ ਬਿਮਾਰ ਅਤੇ ਜ਼ਖਮੀ ਪਸ਼ੂਆਂ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਨੂੰ 3 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ 500 ਕਾਓ ਲਿਫ਼ਟਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 11 ਜ਼ਿਲ੍ਹਿਆਂ ਦੀਆਂ ਗਊਸ਼ਲਾਵਾਂ ਵਿੱਚ ਇਨ੍ਹਾਂ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਜਲੰਧਰ ਜ਼ਿਲ੍ਹੇ ਦੀਆਂ 20 ਗਊਸ਼ਾਲਾਵਾਂ ਵਿਚ ਕਾਓ ਲਿਫ਼ਟਰ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਬੇਸਹਾਰਾ ਪਸ਼ੂਧਨ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਸ਼ੂਧਨ ਦੀ ਸੇਵਾ ਵਿੱਚ ਲੱਗੀਆਂ ਗਊਸ਼ਾਲਾਵਾਂ ਨੂੰ ਗਊਆਂ ਦੇ ਚਾਰੇ ਅਤੇ ਖੁਰਾਕ ਲਈ 61 ਰੁਪਏ ਦੀ ਰਾਸ਼ੀ ਪ੍ਰਤੀ ਗਊਧਨ ਪ੍ਰਤੀ ਦਿਨ ਜਲਦ ਪਹੁੰਚਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਗਊ ਹੱਤਿਆ ਲਈ ‘ਦਿ ਪੰਜਾਬ ਪ੍ਰੋਹਿਬਸ਼ਨ ਆਫ਼ ਕਾਓ ਸਲਾਟਰ (ਅਮੈਂਡਮੈਂਟ) ਐਕਟ, 2011’ ਤਹਿਤ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਹੈ ਅਤੇ ਪੁਲਿਸ ਵਿਭਾਗ ਨੂੰ ਸਖ਼ਤ ਹਦਾਇਤਾਂ ਹਨ ਕਿ ਗਊ ਤਸਕਰੀ ਜਾਂ ਗਊ ਹੱਤਿਆ ਦੀ ਸ਼ਿਕਾਇਤ ਮਿਲਣ ‘ਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਜਲੰਧਰ ਡਾ. ਰਾਮ ਮੂਰਤੀ ਮੱਟੂ, ਸਹਾਇਕ ਡਾਇਰੈਕਟਰ ਡਾ. ਬਲਵੀਰ ਸਿੰਘ, ਡਾ. ਕੁਲਵਿੰਦਰ ਸਿੰਘ, ਵੱਖ-ਵੱਖ ਗਊਸ਼ਲਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਸੁਦੇਸ਼ ਭਗਤ, ‘ਆਪ’ ਆਗੂ ਰਾਕੇਸ਼ ਭਗਤ, ਵਿੱਕੀ ਆਦਿ ਵੀ ਮੌਜੂਦ ਸਨ।

Share.
Leave A Reply