ਲੁਧਿਆਣਾ, 13 ਅਗਸਤ:

80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੇ ਮੈਦਾਨ ਵਿੱਚ ਹੋਈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਰੇਡ ਦੀ ਪ੍ਰਧਾਨਗੀ ਕੀਤੀ ਅਤੇ ਝੰਡਾ ਲਹਿਰਾਇਆ। ਉਨ੍ਹਾਂ ਨੇ ਪਰੇਡ ਕਮਾਂਡਰ ਪੀ.ਪੀ.ਐਸ ਅਫਸਰ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡ, ਐਨ.ਸੀ.ਸੀ ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਸਮੇਤ ਮਾਰਚ ਪਾਸਟ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਤੋਂ ਸਲਾਮੀ ਵੀ ਲਈ।

ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਡੀ.ਸੀ.ਪੀ. ਹਰਪਾਲ ਸਿੰਘ ਅਤੇ ਏ.ਡੀ.ਸੀ. ਸ੍ਰੀਮਤੀ ਸ਼ਿਖਾ ਭਗਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਮਾਰਚ ਪਾਸਟ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਰਕਾਰੀ ਅਤੇ ਨਿੱਜੀ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਪ੍ਰਤੀ ਪਿਆਰ, ਏਕਤਾ, ਅਖੰਡਤਾ ਅਤੇ ਰਾਸ਼ਟਰੀ ਭਾਵਨਾ ਦਾ ਸੁੰਦਰ ਸੰਦੇਸ਼ ਦਿੱਤਾ ਗਿਆ।

ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਬਾਕੀ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਪੀ.ਏ.ਯੂ. ਲੁਧਿਆਣਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸ਼ਾਨਦਾਰ ਅਤੇ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਹਿਮਾਂਸ਼ੂ ਜੈਨ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ, ਸਮਰਪਣ ਅਤੇ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇਸ਼ ਦਾ ਮਹੱਤਵਪੂਰਨ ਕੌਮੀ ਤਿਉਹਾਰ ਹੈ, ਇਸ ਲਈ ਸਮਾਗਮ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸੁਚੱਜੀ ਯੋਜਨਾਬੰਦੀ, ਪ੍ਰਭਾਵਸ਼ਾਲੀ ਅਮਲ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਦੌਰਾਨ ਆਉਣ ਵਾਲੇ ਮਹਿਮਾਨਾਂ, ਭਾਗੀਦਾਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਪੂਰੇ ਮਾਣ-ਸਨਮਾਨ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

Share.
Leave A Reply