ਖੰਨਾ, (ਲੁਧਿਆਣਾ), 14 ਅਗਸਤ:
ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ), ਖੰਨਾ ਸਵਾਤੀ ਟਿਵਾਣਾ ਵੱਲੋਂ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ਼ੁੱਕਰਵਾਰ ਨੂੰ ਪਿੰਡ ਈਸੜੂ ਵਿਖੇ ਮੀਟਿੰਗ ਕੀਤੀ।
ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਅਤੇ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਸੌਂਪੀਆਂ।
ਉਪ ਮੰਡਲ ਮਜਿਸਟਰੇਟ, ਖੰਨਾ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਪਿੰਡ ਈਸੜੂ ਵਿਖੇ ਪੁੱਜਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।
ਐਸ.ਡੀ.ਐਮ ਸਵਾਤੀ ਟਿਵਾਣਾ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।
ਉਹਨਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਓ.ਐਸ.ਡੀ ਕਰਨ ਅਰੋੜਾ, ਅਮਰਦੀਪ ਸਿੰਘ ਪੁਰੇਵਾਲ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ, ਐਸ.ਐਮ.ਓ ਖੰਨਾ ਮਨਿੰਦਰ ਭਸੀਨ, ਪੰਚਾਇਤ ਅਫਸਰ ਕੁਲਦੀਪ ਸਿੰਘ, ਸਰਪੰਚ ਜਤਿੰਦਰਜੋਤ ਸਿੰਘ ਈਸੜੂ ਤੋਂ ਇਲਾਵਾ ਪੰਚਾਇਤ ਨੁਮਾਇੰਦੇ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


