ਖੰਨਾ, ਲੁਧਿਆਣਾ, 27 ਅਗਸਤ:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ-ਭਾਦਲਾ ਰੋਡ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਕਾਰਜ ਨਾਲ ਜੁੜੇ ਵਿਅਕਤੀਆਂ ਨੂੰ ਕੰਮ ਦੀ ਗੁਣਵੱਤਾ ਕਾਇਮ ਰੱਖਣ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ’ਤੇ ਲਗਭਗ 2 ਕਰੋੜ 35 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਸੜਕ ਨੂੰ ਮਜ਼ਬੂਤ ਅਤੇ ਟਿਕਾਊ ਬਣਾਉਣ ਲਈ ਇੱਕ ਫੁੱਟ ਡੂੰਘਾ ਡਬਲ-ਲੇਅਰ ਬੈੱਡ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਉੱਪਰ 100 ਐਮ.ਐਮ. ਮੋਟਾਈ ਵਾਲੀਆਂ ਮਜ਼ਬੂਤ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਅਤੇ ਉੱਚ ਮਿਆਰੀ ਸਮੱਗਰੀ ਨਾਲ ਤਿਆਰ ਕੀਤੀ ਜਾ ਰਹੀ ਇਹ ਸੜਕ ਭਾਰੀ ਵਾਹਨਾਂ ਦੀ ਆਵਾਜਾਈ ਲਈ ਵੀ ਸੁਖਾਵੀਂ ਅਤੇ ਟਿਕਾਊ ਸਾਬਤ ਹੋਵੇਗੀ।

ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਬਿਹਤਰੀ ਨਾਲ ਆਮ ਲੋਕਾਂ, ਉਦਯੋਗਪਤੀਆਂ, ਵਪਾਰੀਆਂ ਅਤੇ ਭਾਰੀ ਵਾਹਨਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

ਕੈਬਨਿਟ ਮੰਤਰੀ ਸੌਂਦ ਨੇ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਪੂਰਨ ਸਹਿਯੋਗ ਦੇਣ ਲਈ ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਵਿੰਦਰ ਸਿੰਘ (ਗੈਰੀ ਵੜਿੰਗ) ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਰਕਾਰ, ਲੋਕ ਨੁਮਾਇੰਦਿਆਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸਾਂਝੇ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਵਿਧਾਇਕ ਸ. ਗੁਰਵਿੰਦਰ ਸਿੰਘ (ਗੈਰੀ ਵੜਿੰਗ), ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਪ੍ਰਿੰਸ, ਖੰਨਾ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਇਲਾਕੇ ਦੇ ਉਦਯੋਗਪਤੀ, ਅਧਿਕਾਰੀ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਥਾਨਕ ਲੋਕਾਂ ਨੇ ਸੜਕ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਸ ਨਾਲ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

Share.
Leave A Reply