ਸਮਰਾਲਾ (ਲੁਧਿਆਣਾ), 16 ਸਤੰਬਰ:
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਰਾਹੁਲ ਤਿਵਾੜੀ, ਆਈ.ਏ.ਐੱਸ. ਵੱਲੋਂ ਅੱਜ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਸਮਰਾਲਾ ਅਤੇ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਮਾਛੀਵਾੜਾ ਦਾ ਦੌਰਾ ਕਰਕੇ ਪੀ.ਐੱਮ. ਸ਼੍ਰੀ ਸਕੀਮ ਤਹਿਤ ਵੱਖ-ਵੱਖ ਮਾਪਦੰਡਾਂ ਅਨੁਸਾਰ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ, ਬੁਨਿਆਦੀ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।
ਨਿਰੀਖਣ ਦੌਰਾਨ ਸ੍ਰੀ ਰਾਹੁਲ ਤਿਵਾੜੀ ਨੇ ਦੋਵਾਂ ਸਕੂਲਾਂ ਦੇ ਕੈਂਪਸ ਵਿੱਚ ਸਥਿਤ ਵੱਖ-ਵੱਖ ਪ੍ਰਯੋਗਸ਼ਾਲਾਵਾਂ, ਕਲਾਸ ਰੂਮਾਂ, ਵਿਦਿਆਰਥੀਆਂ ਦੇ ਵਾਸ਼ਰੂਮਾਂ, ਮਿਡ-ਡੇ-ਮੀਲ (ਐੱਮ.ਡੀ.ਐੱਮ.) ਪ੍ਰਬੰਧਾਂ ਅਤੇ ਖੇਡ ਮੈਦਾਨਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਸਕੂਲਾਂ ਵਿੱਚ ਸਾਫ਼-ਸਫ਼ਾਈ, ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲੀ ਵਾਤਾਵਰਨ ਨੂੰ ਬਿਹਤਰ ਬਣਾਉਣ ਸਬੰਧੀ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ।
ਇਸ ਮੌਕੇ ਪ੍ਰਿੰਸੀਪਲ ਸਕੱਤਰ ਨੇ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਗਿਆਨ ਦੇ ਪੱਧਰ ਨੂੰ ਪਰਖਣ ਲਈ ਸਵਾਲ ਪੁੱਛੇ। ਉਨ੍ਹਾਂ ਅਧਿਆਪਕਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਪੜ੍ਹਾਈ ਦੇ ਢੰਗ, ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਅਤੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਵਿਦਿਆਰਥੀਆਂ ਦੀ ਹਾਜ਼ਰੀ ਅਤੇ ਅਧਿਆਪਕਾਂ ਦੇ ਪੜ੍ਹਾਉਣ ਦੇ ਤਰੀਕੇ ’ਤੇ ਤਸੱਲੀ ਪ੍ਰਗਟਾਈ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਨੂੰ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਣ ਦਾ ਮਾਹੌਲ ਮੁਹੱਈਆ ਕਰਵਾਉਣਾ ਜ਼ਰੂਰੀ ਹੈ।
ਇਸ ਦੌਰੇ ਦਾ ਉਦੇਸ਼ ਸਕੂਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦੀ ਸਮੀਖਿਆ ਕਰਨਾ ਸੀ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਸਮਰਾਲਾ ਸ੍ਰੀਮਤੀ ਗੁਰਸਿਮਰਨਜੀਤ ਕੌਰ, ਤਹਿਸੀਲਦਾਰ ਸ੍ਰੀ ਸੰਦੀਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ, ਪ੍ਰਿੰਸੀਪਲ ਸ੍ਰੀ ਰਜਿੰਦਰ ਸਿੰਘ ਅਤੇ ਸ੍ਰੀਮਤੀ ਹਰਦੀਪ ਕੌਰ ਸਮੇਤ ਸਕੂਲਾਂ ਦਾ ਸਟਾਫ ਵੀ ਮੌਜੂਦ ਸੀ।


