ਖੰਨਾ, 10 ਨਵੰਬਰ :
ਸ੍ਰੀ ਵਿਸ਼ਵਕਰਮਾ ਮੰਦਰ ਖੰਨਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਕਰਵਾਏ ਗਏ ਰਾਜ ਪੱਧਰੀ ਧਾਰਮਿਕ ਸਮਾਗਮ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵਾ ਅਤੇ ਪਾਰਟੀ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਹਿਊਮਨ ਵੈਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਰਮਨਜੀਤ ਸਿੰਘ ਸੌਂਦ, ਮੰਤਰੀ ਸੌਂਦ ਦੇ ਓਐਸਡੀ ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ (ਲੀਗਲ ਐਡਵਾਈਜ਼ਰ) ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਅਤੇ ਮੰਤਰੀ ਦੇ ਮੀਡੀਆ ਇੰਚਾਰਜ ਕਰਨ ਵਰਮਾ ਨੂੰ ਕੈਬਨਿਟ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ।
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਨਮਾਨਿਤ ਸ਼ਖ਼ਸੀਅਤਾਂ ਦੀਆਂ ਸੇਵਾਵਾਂ ਅਤੇ ਸਮਾਜਿਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਪ੍ਰਤੀ ਸਮਰਪਣ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਲੋਕਾਂ ਦਾ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ। ਇਸ ਦੌਰਾਨ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰ, ਸ਼ਰਧਾਲੂ ਅਤੇ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸਮਾਗਮ ਦੌਰਾਨ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਦਰਸਾਏ ਮਿਹਨਤ, ਹੁਨਰ ਅਤੇ ਕਰਮਠਤਾ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ।


